ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ 22 ਅਪਰੈਲ ਤੱਕ ਖਾਲੀ ਕਰਨ ਦਾ ਨੋਟਿਸ
ਨਵੀਂ ਦਿੱਲੀ, 27 ਮਾਰਚ-: ਲੋਕ ਸਭਾ ਮੈਂਬਰੀ ਤੋਂ ਅਯੋਗ ਠਹਿਰਾਏ ਗਏ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ 22 ਅਪਰੈਲ ਤੱਕ ਖਾਲੀ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਰਾਹੁਲ ਨੂੰ 12, ਤੁਗਲਕ ਲੇਨ ਬੰਗਲਾ ਖਾਲੀ ਕਰਨ ਦਾ ਨੋਟਿਸ ਲੋਕ ਸਭਾ ਦੀ ਹਾਊਸਿੰਗ ਕਮੇਟੀ ਵੱਲੋਂ ਦਿੱਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਹੁਲ ਨੂੰ ਲੋਕ ਸਭਾ ਮੈਂਬਰੀ ਜਾਣ ਦੇ ਇਕ ਮਹੀਨੇ ਦੇ ਅੰਦਰ-ਅੰਦਰ ਸਰਕਾਰੀ ਬੰਗਲਾ ਖਾਲੀ ਕਰਨਾ ਪਵੇਗਾ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਰਾਹੁਲ ਗਾਂਧੀ ਹਾਊਸਿੰਗ ਕਮੇਟੀ ਨੂੰ ਪੱਤਰ ਲਿਖ ਕੇ ਬੰਗਲੇ ’ਚ ਰਹਿਣ ਲਈ ਹੋਰ ਸਮਾਂ ਮੰਗ ਸਕਦੇ ਹਨ ਅਤੇ ਉਨ੍ਹਾਂ ਦੀ ਬੇਨਤੀ ਨੂੰ ਕਮੇਟੀ ਵੱਲੋਂ ਵਿਚਾਰਿਆ ਜਾਵੇਗਾ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਡਾਇਰੈਕਟੋਰੇਟ ਆਫ਼ ਅਸਟੇਟਸ, ਨਵੀਂ ਦਿੱਲੀ ਮਿਉਂਸਿਪਲ ਕੌਂਸਲ ਸਮੇਤ ਹੋਰ ਵਿਭਾਗਾਂ ਨੂੰ ਭੇਜੀਆਂ ਗਈਆਂ ਹਨ। ਸੰਸਦ ਮੈਂਬਰ ਵਜੋਂ ਰਾਹੁਲ ਗਾਂਧੀ ਨੂੰ ਮਿਲੀਆਂ ਹੋਰ ਸਹੂਲਤਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਇਕ ਅਦਾਲਤ ਨੇ ਮਾਣਹਾਨੀ ਕੇਸ ’ਚ ਸਜ਼ਾ ਸੁਣਾਈ ਹੈ।

