ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ।

ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ। ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ ‘ਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਭਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪਾਸ ਕੀਤੇ ਗਏ ਬਜਟ ‘ਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ ‘ਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਬਜਟ ਵਿੱਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ ‘ਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ, ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ।

ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ ‘ਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ।

ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਜਰਨੈਲ ਸਿੰਘ ਕਰਤਾਰਪੁਰ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਕਿਰਨਵੀਰ ਕੌਰ ਆਦਿ ਮੌਜੂਦ ਸਨ।

Add a Comment

Your email address will not be published. Required fields are marked *