ਕੋਟਕਪੂਰਾ ਗੋਲੀ ਕਾਂਡ: ਉਮਰਾਨੰਗਲ ਤੇ ਚਰਨਜੀਤ ਸ਼ਰਮਾ ਵੱਲੋਂ ਸਮਰਪਣ

ਫ਼ਰੀਦਕੋਟ, 28 ਮਾਰਚ-: ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਫ਼ਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੇ ਅੱਜ ਇੱਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਮੁਤਾਬਿਕ ਆਤਮ-ਸਮਰਪਣ ਕਰ ਦਿੱਤਾ। ਉਪਰੰਤ ਹਾਈ ਕੋਰਟ ਨੇ ਇਨ੍ਹਾਂ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੇ ਅਦਾਲਤ ਵਿੱਚ 5-5 ਲੱਖ ਰੁਪਏ ਦੇ ਮੁਚੱਲਕੇ ਭਰੇ ਅਤੇ ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਚਲਾਨ ਦੀਆਂ ਨਕਲਾਂ ਸੌਂਪ ਦਿੱਤੀਆਂ। ਇਸੇ ਦਰਮਿਆਨ ਡੀ.ਆਈ.ਜੀ. ਅਮਰ ਸਿੰਘ ਚਾਹਲ ਨੇ ਵੀ ਕੋਟਕਪੂਰਾ ਗੋਲੀ ਕਾਂਡ ਕੇਸ ਵਿੱਚ ਪੇਸ਼ ਹੋਣ ਦੀ ਇੱਛਾ ਜ਼ਾਹਿਰ ਕਰਦਿਆਂ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਅੱਜ ਬਹਿਸ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ 29 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਅਮਰ ਸਿੰਘ ਚਾਹਲ ਨੂੰ ਇਲਾਕਾ ਮੈਜਿਸਟਰੇਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਉਨ੍ਹਾਂ ਦੇ ਘਰ ਜਿੰਦਰਾ ਲੱਗਾ ਹੋਣ ਕਾਰਨ ਜਾਂਚ ਟੀਮ ਉਨ੍ਹਾਂ ਨੂੰ ਸੰਮਨ ਨਹੀਂ ਸੌਂਪ ਸਕੀ। ਇਸ ਕਰਕੇ ਅਦਾਲਤ ਨੇ ਅਮਰ ਸਿੰਘ ਚਾਹਲ ਦੇ ਦੁਬਾਰਾ ਸੰਮਨ ਜਾਰੀ ਕੀਤੇ ਸਨ। ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਇਸ ਕੇਸ ਵਿੱਚ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ, ਪਰ ਅਜੇ ਤੱਕ ਉਹ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁੜ 12 ਅਪਰੈਲ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

Add a Comment

Your email address will not be published. Required fields are marked *