ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਇੱਕ ਹੋਰ ਕੇਸ ਦਰਜ

ਐੱਸਏਐੱਸ ਨਗਰ (ਮੁਹਾਲੀ), 29 ਅਗਸਤ

ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਮੁਹਾਲੀ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਦਰਜ ਅਪਰਾਧਿਕ ਮਾਮਲੇ ਸਬੰਧੀ ਪਹਿਲਾਂ ਹਾਸਲ ਕੀਤਾ ਗਿਆ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਅੱਜ ਮੁੜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ।

ਇਸੇ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਖਰੜ ਸਦਰ ਥਾਣੇ ਵਿੱਚ ਐੱਨਡੀਪੀਐੱਸ ਅਤੇ ਅਸਲਾ ਐਕਟ ਤਹਿਤ ਇੱਕ ਹੋਰ ਨਵਾਂ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਮੁਹਾਲੀ ਅਦਾਲਤ ਵਿੱਚ ਲਾਰੈਂਸ ਦੀ ਪੇਸ਼ੀ ਦੌਰਾਨ ਖਰੜ ਪੁਲੀਸ ਨੇ ਇੱਕ ਅਰਜ਼ੀ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਖਰੜ ਵਿੱਚ ਦਰਜ ਐੱਫਆਈਆਰ ਸਬੰਧੀ ਪੁੱਛ ਪੜਤਾਲ ਕਰਨੀ ਹੈ। ਇਸ ਤਰ੍ਹਾਂ ਰਾਹਦਾਰੀ ਵਾਰੰਟ ’ਤੇ ਲਾਰੈਂਸ ਬਿਸ਼ਨੋਈ ਨੂੰ ਖਰੜ ਪੁਲੀਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 10 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ। ਅਦਾਲਤ ਵਿੱਚ ਪੇਸ਼ੀ ਮਗਰੋਂ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਵਿੱਚ ਲਿਆਂਦਾ ਗਿਆ, ਜਿੱਥੇ ਸੀਨੀਅਰ ਅਧਿਕਾਰੀਆਂ ਨੇ ਉਸ ਤੋਂ ਪੁੱਛ ਪੜਤਾਲ ਕੀਤੀ। ਇਸੇ ਦੌਰਾਨ ਗੈਂਗਸਟਰ ਬੰਬੀਹਾ ਗਰੁੱਪ ਦੀਆਂ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੀਆਈਏ ਸਟਾਫ਼ ਦੇ ਕੈਂਪਸ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਹੈ।

Add a Comment

Your email address will not be published. Required fields are marked *