ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖ਼ਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਤੇ ਬੋਲਦਿਆਂ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ। 

ਇਕ ਚੈਨਲ ਨਾਲ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਬਾਰੇ ਕਾਰਵਾਈ ਬਾਰੇ ਪੁੱਛੇ ਜਾਣ ‘ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਰਟੀਬਾਜ਼ੀ ਤੇ ਸਿਆਸਤ ਤੋਂ ਉੱਪਰ ਉੱਠ ਕੇ ਸੂਬਿਆਂ ਨਾਲ ਚੱਟਾਨ ਵਾਂਗ ਖੜ੍ਹੀ ਹੈ, ਕਿਉਂਕਿ ਇਹ ਮਾਮਲਾ ਦੇਸ਼ ਦਾ ਹੁੰਦਾ ਹੈ, ਸਿਆਸਤ ਦਾ ਨਹੀਂ। ਇਸ ਲਈ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ। 

ਅੰਮ੍ਰਿਤਪਾਲ ਸਿੰਘ ਦੇ ਹੱਥੋਂ ਨਿਕਲ ਜਾਣ ਬਾਰੇ ਪੁੱਛੇ ਜਾਣ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ ‘ਤੇ ਕਿਸੇ ਨੂੰ ਕਸੂਰਵਾਰ ਠਹਿਰਾਉਣਾ ਬਹੁਤ ਜਲਦਬਾਜ਼ੀ ਹੋਵੇਗੀ। ਅਜਿਹੇ ਮਾਮਲੇ ‘ਤੇ ਉਹ ਜਨਤਕ ਤੌਰ ‘ਤੇ ਕੁੱਝ ਨਹੀਂ ਕਹਿਣਾ ਚਾਹੁੰਦੇ। ਇਸ ਮਾਮਲੇ ਵਿਚ ਵੱਡੀ ਗਿਣਤੀ ਵਿਚ ਗ੍ਰਿਫ਼ਤਾਰੀਆਂ ਹੋਈਆਂ ਹਨ, ਲੋਕਾਂ ‘ਤੇ NSA ਸਮੇਤ ਹੋਰ ਧਾਰਾਵਾਂ ਲਗਾਈਆਂ ਗਈਆਂ ਹਨ, ਵੱਡੀ ਗਿਣਤੀ ਵਿਚ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਇਹ ਸਖ਼ਤ ਕਾਰਵਾਈ ਹੈ। ਏਜੰਸੀਆਂ ਤੇ ਪੁਲਸ ਦੋਵੇਂ ਸਰਗਰਮ ਹਨ, ਉਹ ਆਪਣਾ ਕੰਮ ਕਰਨਗੀਆਂ। 

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਇਸ ਨੂੰ ਕਿਸੇ ਘਟਨਾ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ। 

ਇਸ ਦੌਰਾਨ ਵਿਦੇਸ਼ਾਂ ਵਿਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਪ੍ਰਦਰਸ਼ਨਾਂ ਬਾਰੇ ਗੱਲ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਦਾ ਦੂਤਾਵਾਸ ਭਾਵੇਂ ਦੁਨੀਆ ਦੇ ਕਿਸੇ ਵੀ ਹਿੱਸੇ ‘ਚ ਹੋਵੇ, ਉਹ ਭਾਰਤ ਦਾ ਹੀ ਹਿੱਸਾ ਹੈ। ਇਨ੍ਹਾਂ ਮਾਮਲਿਆਂ ਵਿਚ ਦਿੱਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਤੇ ਕਾਰਵਾਈ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ UAPA ਲਗਾਇਆ ਗਿਆ ਹੈ। ਘਟਨਾ ਵਾਲੀਆਂ ਥਾਵਾਂ ਤੋਂ ਰਿਕਾਰਡਿੰਗਾਂ ਮੰਗੀਆਂ ਗਈਆਂ ਹਨ, ਉਸ ਦੇ ਅਧਾਰ ‘ਤੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। 

ਖ਼ਾਲਿਸਤਾਨ ਅੰਦੋਲਨ ਬਾਰੇ ਗੱਲ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਹਰ ਹਿੱਸੇ ਵਿਚ ਰਹਿਣ ਵਾਲੇ ਸਿੱਖ ਭੈਣ-ਭਰਾ ਭਾਰਤ ਦੇ ਨਾਲ ਹੀ ਰਹਿਣਾ ਚਾਹੁੰਦੇ ਹਨ। ਸਿੱਖਾਂ ਨੇ ਹਰ ਖੇਤਰ ਵਿਚ ਆਪਣਾ ਯੋਗਦਾਨ ਦਿੱਤਾ ਹੈ। ਵਿਸ਼ੇਸ਼ ਤੌਰ ‘ਤੇ ਸੁਰੱਖਿਆ ਦੇ ਖੇਤਰ ਵਿਚ ਜਿੰਨਾ ਬਲਿਦਾਨ ਸਿੱਖ ਭਾਈਚਾਰੇ ਨੇ ਦਿੱਤਾ ਹੈ, ਸ਼ਾਇਦ ਦੇਸ਼ ਦੇ ਕਿਸੇ ਹਿੱਸੇ ਨੇ ਨਹੀਂ ਦਿੱਤਾ। ਹਰ ਭਾਰਤੀ ਨੂੰ ਇਸ ‘ਤੇ ਮਾਣ ਹੈ। 

Add a Comment

Your email address will not be published. Required fields are marked *