ਅੰਮ੍ਰਿਤਪਾਲ ਦੇ ਆਤਮ-ਸਮਰਪਣ ਦੀ ‘ਅਫਵਾਹ’ ਮਗਰੋਂ ਚੌਕਸੀ

ਸ੍ਰੀ ਆਨੰਦਪੁਰ ਸਾਹਿਬ, 29 ਮਾਰਚ-: ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਆ ਕੇ ਮੀਡੀਆ ਸਾਹਮਣੇ ਪੁਲੀਸ ਅੱਗੇ ਆਤਮ-ਸਮਰਪਣ ਕਰਨ ਦੀ ਅਫ਼ਵਾਹ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਮੁਖੀ ਦੀ ਅਗਵਾਈ ਹੇਠ ਇੱਥੇ ਭਾਰੀ ਪੁਲੀਸ ਫੋਰਸ ਤੇ ਅਰਧ ਸੈਨਿਕ ਬਲ ਤਾਇਨਾਤ ਰਹੇ। ਪੁਲੀਸ ਵੱਲੋਂ ਦੁਪਹਿਰੇ ਅਚਾਨਕ ਤਖ਼ਤ ਦਮਦਮਾ ਸਾਹਿਬ ਨੂੰ ਜਾਣ ਵਾਲੇ ਮੁੱਖ ਰਾਹ ਵਿੱਚ ਪੈਂਦੇ ਖੰਡਾ ਚੌਕ ਤੋਂ ਇਲਾਵਾ ਸ਼ਹਿਰ ਨੂੰ ਆਉਣ ਵਾਲੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਇਸ ਬਿਰਤਾਂਤ ਬਾਰੇ ਕੁਝ ਵੀ ਸਾਂਝਾ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਦਿਨ ਪਹਿਲਾਂ ਪੁਲੀਸ ਨੂੰ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤਾਂ ਉਸ ਨੂੰ ਪੁਲੀਸ ਅੱਗੇ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ ਚਾਹੀਦਾ ਹੈ। ਦੂਜੇ ਪਾਸੇ 18 ਮਾਰਚ ਦੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਰਾਹੀਂ ਪਹਿਲੀ ਵਾਰ ਸਾਹਮਣੇ ਆਏ ਅੰਮ੍ਰਿਤਪਾਲ ਸਿੰਘ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ ਵਿੱਚ ਵਿਸਾਖੀ ਮੌਕੇ ਕੌਮ ਦੇ ਮਸਲਿਆਂ ਨੂੰ ਲੈ ਕੇ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਵੀ ਭਾਰੀ ਗਿਣਤੀ ’ਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ। ਕਨਸੋਆਂ ਹਨ ਕਿ ਅਕਾਲ ਤਖ਼ਤ ਦੇ ਹੁਕਮ ਨੂੰ ਮੰਨਦਿਆਂ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਡੀਆ ਦੇ ਸਾਹਮਣੇ ਆਤਮ-ਸਮਰਪਣ ਕਰ ਸਕਦਾ ਹੈ। ਭਾਵੇਂ ਇਸ ਸਬੰਧੀ ਕੋਈ ਵੀ ਉੱਚ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਪਰ ਪੁਲੀਸ ਦੀ ਮੁਸਤੈਦੀ ਅਤੇ ਆਸ-ਪਾਸ ਵੱਡੀ ਗਿਣਤੀ ਵਿੱਚ ਘੁੰਮ ਰਿਹਾ ਖੁਫੀਆ ਵਿਭਾਗ ਇਸ ਗੱਲ ਨੂੰ ਹੋਰ ਵੀ ਸ਼ੱਕੀ ਬਣਾਉਂਦਾ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਫ਼ਵਾਹਾਂ ਹਨ। ਦੂਜੇ ਪਾਸੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਖਬਰ ਨਹੀਂ ਪਰ ਪੁਲੀਸ ਫੋਰਸ ਤਾਇਨਾਤ ਜ਼ਰੂਰ ਹੋ ਰਹੀ ਹੈ।

Add a Comment

Your email address will not be published. Required fields are marked *