ਹਿਰਾਸਤ ਦੌਰਾਨ ਅੰਮ੍ਰਿਤਪਾਲ ਉਤੇ ਤਸ਼ੱਦਦ ਨਹੀਂ ਹੋਵੇਗਾ: ਭਗਵੰਤ ਮਾਨ

ਜਲੰਧਰ, 30 ਮਾਰਚ-: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅਕਾਲ ਤਖ਼ਤ ’ਚ ਸ਼ਰਨ ਲੈਣ ਅਤੇ ਆਤਮ ਸਮਰਪਣ ਕਰਨ ਦੀਆਂ ਸੰਭਾਵਨਾਵਾਂ ਬਾਰੇ ਖ਼ਬਰਾਂ ਸਾਹਮਣੇ ਆਉਣ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਦੀ ਪੁਲੀਸ ਇਸ ਲਈ ਤਿਆਰ ਹੈ ਅਤੇ ਸਾਰੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਮੁੱਖ ਮੰਤਰੀ ਇੱਥੇ ਰਾਮਨੌਮੀ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਨੂੰ ਝੰਡੀ ਦਿਖਾਉਣ ਲਈ ਪਹੁੰਚੇ ਹੋਏ ਸਨ। ਉਨ੍ਹਾਂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਵਜਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਾਜਿੰਦਰ ਕੌਰ ਭੱਠਲ, ਪਵਨ ਕੁਮਾਰ ਟੀਨੂੰ ਤੋਂ ਇਲਾਵਾ ਕਈ ਭਾਜਪਾ ਆਗੂ ਵੀ ਸਨ।

ਉਨ੍ਹਾਂ ਕਿਹਾ, ‘ਅਸੀਂ ਉਸ (ਅੰਮ੍ਰਿਤਪਾਲ) ਨੂੰ ਭਰੋਸਾ ਦਿੰਦੇ ਹਾਂ ਕਿ ਉਸ ’ਤੇ ਕੋਈ ਤਸ਼ੱਦਦ ਨਹੀਂ ਕੀਤਾ ਜਾਵੇਗਾ। ਪੁਲੀਸ ਆਪਣੀ ਕਾਨੂੰਨੀ ਹੱਦ ਤੋਂ ਬਾਹਰ ਨਹੀਂ ਜਾਵੇਗੀ।’ ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 18 ਮਈ ਤੋਂ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਪੰਜਾਬ ਪੁਲੀਸ ਵੱਲੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਅੰਮ੍ਰਿਤਪਾਲ ਦੇ ਦੂਜੀ ਵਾਰ ਪੰਜਾਬ ਪੁਲੀਸ ਦੇ ਹੱਥ ਨਾ ਆਉਣ ਦੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟੀਮਾਂ ਉਸ ਦੇ ਬਹੁਤ ਨੇੜੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਤੋਂ ਮੁਆਫੀ ਮੰਗਣ ਸਬੰਧੀ ਕਹੇ ਜਾਣ ਬਾਰੇ ਸਵਾਲ ਦਾ ਮੁੱਖ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਮੁੱਖ ਮੰਤਰੀ ਨਾਲ ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਇੰਦਰਬੀਰ ਸਿੰਘ ਨਿੱਝਰ ਵੀ ਸਨ। ਇਸ ਮਗਰੋਂ ਮੁੱਖ ਮੰਤਰੀ ਦੇਵੀ ਤਲਾਬ ਮੰਦਰ ਗਏ ਅਤੇ ਉਨ੍ਹਾਂ ਬਾਅਦ ਵਿੱਚ ਵਿਧਾਇਕਾਂ ਨਾਲ ਮੀਟਿੰਗ ਵੀ ਕੀਤੀ। ਸ਼ੋਭਾ ਯਾਤਰਾ ’ਚ ਸ਼ਾਮਲ ਹੋਣ ਪਹੁੰਚੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 13 ਦਿਨ ਬਾਅਦ ਵੀ ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸਰਕਾਰ ਦੀ ਨਾਕਾਮੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲੀਸ ਦੀਆਂ ਖੁਫੀਆ ਟੀਮਾਂ ਪੂਰੀ ਤਰ੍ਹਾਂ ਚੌਕਸ ਰਹੀਆਂ। ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਡਰੋਨਾਂ ਦੀ ਵੀ ਮਦਦ ਲਈ ਜਾ ਰਹੀ ਹੈ।

Add a Comment

Your email address will not be published. Required fields are marked *