ਮੋਦੀ ਦੀ ਡਿਗਰੀ ਫਰਜ਼ੀ ਜਾਂ ਬਿਆਨ ਝੂਠਾ: ਸੰਜੈ ਸਿੰਘ

ਨਵੀਂ ਦਿੱਲੀ, 2 ਅਪਰੈਲ-: ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਸਬੰਧੀ ਭਾਜਪਾ ਤੋਂ ਸਪੱਸ਼ਟੀਕਰਨ ਮੰਗਿਆ ਹੈ। ‘ਆਪ’ ਆਗੂ ਸੰਜੈ ਸਿੰਘ ਨੇ ਭਾਜਪਾ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਪ੍ਰਧਾਨ ਮੰਤਰੀ ਦੀ ਡਿਗਰੀ ਫਰਜ਼ੀ ਹੈ ਜਾਂ ਉਨ੍ਹਾਂ ਦਾ ਬਿਆਨ ਝੂਠਾ ਹੈ। ਉਨ੍ਹਾਂ ਨੇ ਭਾਜਪਾ ਨੂੰ ਸਵਾਲ ਕੀਤਾ ਕਿ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਿਉਂ ਕਿਹਾ ਸੀ ਕਿ ਉਨ੍ਹਾਂ ਨੇ ਸਕੂਲੀ ਸਿੱਖਿਆ ਤੋਂ ਅੱਗੇ ਪੜ੍ਹਾਈ ਨਹੀਂ ਕੀਤੀ। ਇਸ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪ੍ਰਧਾਨ ਮੰਤਰੀ ਦੀ ਡਿਗਰੀ ਜਨਤਕ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦੀ ਡਿਗਰੀ ਦੀ ਤਸਦੀਕ ਹੋ ਜਾਂਦੀ ਹੈ ਅਤੇ ਇਹ ਫਰਜ਼ੀ ਨਿਕਲਦੀ ਹੈ ਤਾਂ ਮੋਦੀ ਲੋਕ ਸਭਾ ਦੀ ਮੈਂਬਰਸ਼ਿਪ ਗੁਆ ਦੇਣਗੇ ਤੇ ਕਈ ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਸੰਜੈ ਸਿੰਘ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਇਸੇ ਲਈ ਭਾਜਪਾ ਦੀ ਪੂਰੀ ਲੀਡਰਸ਼ਿਪ ਪ੍ਰਧਾਨ ਮੰਤਰੀ ਦੀ ਫਰਜ਼ੀ ਡਿਗਰੀ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’

ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ’ਚ ਸੰਜੇ ਸਿੰਘ ਨੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਦਾ ਮਾਮਲਾ ਸਾਹਮਣੇ ਆਇਆ ਹੈ, ਉਦੋਂ ਤੋਂ ਹੀ ਭਾਜਪਾ ਦੇ ਸਾਰੇ ਮੰਤਰੀ, ਬੁਲਾਰੇ ਅਤੇ ਪੂਰੀ ਭਾਜਪਾ ਪ੍ਰਧਾਨ ਮੰਤਰੀ ਦੀ ਫਰਜ਼ੀ ਡਿਗਰੀ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸੰਜੈ ਸਿੰਘ ਨੇ ਕਿਹਾ ਕਿ ਕੀ 1979 ਵਿੱਚ ਪ੍ਰਧਾਨ ਮੰਤਰੀ ਨੇ ਦਿੱਲੀ ਯੂਨੀਵਰਸਿਟੀ ਤੋਂ ਬੈਚਲਰ ਦੀ ਡਿਗਰੀ ਹਾਸਲ ਕੀਤੀ ਸੀ। ਕੀ 1983 ਵਿੱਚ ਗੁਜਰਾਤ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। ਇਸ ਲਈ ਦੇਸ਼ ਦੇ ਸਾਹਮਣੇ ਇਸ ਗੱਲ ਦਾ ਸਪੱਸ਼ਟੀਕਰਨ ਦਿੱਤਾ ਜਾਵੇ ਕਿ 2005-06 ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਇੱਕ ਅਧਿਆਪਕ ਨੂੰ ਸੰਬੋਧਨ ਕਰਦਿਆਂ ਕਿਉਂ ਕਿਹਾ ਕਿ ਉਨ੍ਹਾਂ ਕੋਲ ਕੋਈ ਸਿੱਖਿਆ ਨਹੀਂ ਹੈ ਅਤੇ ਉਨ੍ਹਾਂ ਨੇ ਸਕੂਲੀ ਸਿੱਖਿਆ ਤੋਂ ਅੱਗੇ ਦੀ ਪੜ੍ਹਾਈ ਨਹੀਂ ਕੀਤੀ। ਇਹ ਪ੍ਰਧਾਨ ਮੰਤਰੀ ਦਾ ਆਪਣਾ ਬਿਆਨ ਹੈ।

Add a Comment

Your email address will not be published. Required fields are marked *