ਭਾਜਪਾ ਆਗੂ ਤਰੁਣ ਚੁੱਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਟੀ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ’ਚੋਂ ਦੋ ਇੰਟਰਵਿਊਜ਼ ਕਿਵੇਂ ਦਿੱਤੇ, ਬਾਰੇ ਜਾਂਚ ਰਿਪੋਰਟ ਦਾ ਖ਼ੁਲਾਸਾ ਕੀਤਾ ਜਾਵੇ। ਚੁੱਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ’ਚ ਪੂਰੀ ਤਰ੍ਹਾਂ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜਿਸ ਤਰ੍ਹਾਂ ਉਹ ਸਵੈਘੋਸ਼ਿਤ ਖ਼ਾਲਿਸਤਾਨੀ ਵਿਚਾਰਧਾਰਕ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਗਤੀਵਿਧੀਆਂ ਨੂੰ ਰੋਕਣ ’ਚ ਅਸਫ਼ਲ ਰਹੀ ਹੈ, ਤੋਂ ਸਪੱਸ਼ਟ ਹੁੰਦਾ ਹੈ ਕਿ ‘ਆਪ’ ਸਰਕਾਰ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਦੇ ਅਸਮਰੱਥ ਹੈ ਅਤੇ ਇਹ ਪੰਜਾਬੀਆਂ ਨੂੰ ਇਹ ਪ੍ਰਭਾਵ ਦੇਣ ਦੀ ਹੱਦ ਤੱਕ ਚਲਾ ਜਾਂਦਾ ਹੈ ਕਿ ‘ਆਪ’ ਸਰਕਾਰ ਦੀ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਹੈ।

ਚੁੱਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਲਾਰੈਂਸ ਬਿਸ਼ਨੋਈ ਲਈ ਮੀਡੀਆ ਇੰਟਰਵਿਊਜ਼ ਕੀਤੀਆਂ ਗਈਆਂ ਸਨ, ਉਸ ਨੇ ‘ਆਪ’ ਸਰਕਾਰ ਅਤੇ ਗੈਂਗਸਟਰਾਂ ਵਿਚਾਲੇ ਮਿਲੀਭੁਗਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਗਰਮ 28 ਗੈਂਗਸਟਰਾਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਤਾਜ਼ਾ ਰਿਪੋਰਟ ਨੇ ਵੀ ਇਸ ਤੱਥ ਦੀ ਪੁਸ਼ਟੀ ਕੀਤੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ ਪ੍ਰਤੀ ਨਰਮ ਰੁਖ਼ ਅਪਣਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਪੰਜਾਬ ’ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ, ਜਦੋਂ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਚੁੱਘ ਨੇ ਮੰਗ ਕੀਤੀ ਕਿ ‘ਆਪ’ ਸਰਕਾਰ ਨੂੰ ਲਾਰੈਂਸ ਬਿਸ਼ਨੋਈ ਜਾਂਚ ਦੀ ਰਿਪੋਰਟ ਨੂੰ ਜਲਦ ਤੋਂ ਜਲਦ ਜਨਤਕ ਕਰਨਾ ਚਾਹੀਦਾ ਹੈ।

Add a Comment

Your email address will not be published. Required fields are marked *