ਜਲੰਧਰ ਜ਼ਿਮਨੀ ਚੋਣ ਦਾ ਭਖੇਗਾ ਅਖਾੜਾ, 10 ਤਾਰੀਖ ਨੂੰ ਕਰਤਾਰਪੁਰ ‘ਚ ਰੈਲੀ ਕਰਨਗੇ CM ਮਾਨ

ਜਲੰਧਰ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਕਰਤਾਰਪੁਰ ਦੀ ਅਨਾਜ ਮੰਡੀ ‘ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਹਾਜ਼ਰ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬਰਸਟ ਨੇ ਕਿਹਾ ਕਿ ਸਿਰਫ਼ ਸੁਸ਼ੀਲ ਰਿੰਕੂ ਹੀ ਲੋਕ ਸਭਾ ਜ਼ਿਮਨੀ ਚੋਣ ਨਹੀਂ ਲੜ ਰਹੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਇਹ ਚੋਣ ਲੜ ਰਹੇ ਹਨ। ਸੁਸ਼ੀਲ ਰਿੰਕੂ ਨੂੰ ਜੋ ਵੀ ਵੋਟ ਮਿਲੇ, ਸਮਝ ਲੈਣਾ ਕਿ ਉਹ ਵੋਟ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਜਾ ਰਹੀ ਹੈ।

ਸੂਬਾ ਸਕੱਤਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ, ਇਸ ਕਰਕੇ ਭਗਵੰਤ ਮਾਨ ਤੇ ਕੇਜਰੀਵਾਲ ਪੰਜਾਬ ਨੂੰ ਬਿਹਤਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਦਾ ਆਪਣਾ ਵੀ ਬਹੁਤ ਵੱਡਾ ਆਧਾਰ ਹੈ। ਇਸ ਤਰ੍ਹਾਂ ਅਸੀਂ ਸਭ ਵੀ ਹੱਥ ਮਿਲਾ ਕੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਵਾਂਗੇ।

ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਹਾਜ਼ਰ ਸਮੂਹ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਹਲਕੇ ਦੇ ਸਮੂਹ ਵਰਕਰ ਤੇ ਸਮਰਥਕ ਰਲ ਕੇ ਕੰਮ ਕਰਨਗੇ ਅਤੇ ਜ਼ਿਮਨੀ ਚੋਣ ਨੂੰ ਵੱਡੇ ਫਰਕ ਨਾਲ ਜਿਤਾਉਣਗੇ।

ਸੁਸ਼ੀਲ ਰਿੰਕੂ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵੱਡੀ ਲੜਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦਾ ਗਲ਼ਾ ਘੁੱਟਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਲੋਕਾਂ ‘ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਬੇਕਸੂਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੇਕਰ ਅਸੀਂ ਨਾ ਲੜੇ ਤਾਂ ਉਹ ਦਿਨ ਦੂਰ ਨਹੀਂ ਜਦੋਂ 2024 ਤੋਂ ਬਾਅਦ ਦੇਸ਼ ਵਿੱਚ ਚੋਣਾਂ ਹੀ ਨਹੀਂ ਹੋਣਗੀਆਂ। ਭਾਜਪਾ ਇਸ ਤਰ੍ਹਾਂ ਦੀ ਨੀਤੀ ਲਿਆ ਸਕਦੀ ਹੈ।

ਇਸ ਮੌਕੇ ਰਾਜਵੀਰ ਸਿੰਘ ਓ.ਐੱਸ.ਡੀ. ਮੁੱਖ ਮੰਤਰੀ ਪੰਜਾਬ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਰਾਜਵਿੰਦਰ ਕੌਰ ਥਿਆੜਾ (ਸਕੱਤਰ ਪੰਜਾਬ), ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਰਮਨ ਅਰੋੜਾ, ਲੋਕ ਸਭਾ ਹਲਕਾ ਇੰਚਾਰਜ ਮੰਗਲ ਸਿੰਘ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਦਿਨੇਸ਼ ਢੱਲ ਵਿਧਾਨ ਸਭਾ ਹਲਕਾ ਇੰਚਾਰਜ ਆਦਿ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਇਹ ਜਾਣਕਾਰੀ ਦਿੰਦਿਆਂ ਕਿਹਾ, “ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਬਹੁਤ-ਬਹੁਤ ਮੁਬਾਰਕਾਂ! ਮੈਨੂੰ ਉਮੀਦ ਹੈ ਕਿ ਚੀਮਾ ਸਾਹਿਬ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਉਣਗੇ।”

Add a Comment

Your email address will not be published. Required fields are marked *