ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਮੌਕ ਡਰਿੱਲਜ਼

ਚੰਡੀਗੜ੍ਹ : ਦੇਸ਼ ਭਰ ‘ਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੋਮਵਾਰ ਅਤੇ ਮੰਗਲਵਾਰ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲਜ਼ ਕੀਤੀਆਂ ਗਈਆਂ। ਇਹ 2 ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਜ਼ ਦਾ ਹਿੱਸਾ ਸੀ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜੋ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁੱਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ‘ਚ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਕੋਵਿਡ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।

ਇਹ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ ਤਾਂ ਉਹ ਜਨਤਕ ਥਾਵਾਂ ‘ਤੇ ਨਾ ਜਾਵੇ ਅਤੇ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕਰਨ।

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐੱਲ.ਐੱਮ.ਓ. ਟੈਂਕ ਅਤੇ ਪੀ. ਐੱਸ. ਏ. ਪਲਾਂਟ ਉਪਲਬਧ ਹਨ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

Add a Comment

Your email address will not be published. Required fields are marked *