ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਤਵਾਦ, UAPA ਸਮੇਤ ਹੋਰ ਸੁਰੱਖਿਆ ਮਾਮਲਿਆਂ ਦੀ ਕੀਤੀ ਸਮੀਖਿਆ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਇੱਥੇ ਜੰਮੂ-ਕਸ਼ਮੀਰ ’ਚ ਸੁਰੱਖਿਆ ਗਰਿੱਡ ਦੇ ਕੰਮ-ਕਾਜ ਅਤੇ ਸੁਰੱਖਿਆ ਸਬੰਧੀ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਅੱਤਵਾਦ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਪ੍ਰਤੀ ਸਰਕਾਰ ਦੇ ਅਡਿਗ ਸੰਕਲਪ ਨੂੰ ਦੁਹਰਾਇਆ। ਸ਼ਾਹ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਅਤੇ ਵੱਖ-ਵੱਖ ਏਜੰਸੀਆਂ ਦੇ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਗਰਿੱਡ ਦੇ ਕੰਮ-ਕਾਜ ਅਤੇ ਸੁਰੱਖਿਆ ਸਬੰਧੀ ਸਾਰੇ ਪਹਿਲੂਆਂ ਦੀ ਵਿਸਥਾਰਤ ਸਮੀਖਿਆ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰ ਅੱਤਵਾਦ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਪ੍ਰਤੀ ਆਪਣੇ ਸੰਕਲਪ ’ਤੇ ਅਡਿਗ ਹੈ। ਉਨ੍ਹਾਂ ਨੇ ਏਰੀਆ ਡੋਮੀਨੇਸ਼ਨ ਪਲਾਨ, ਜ਼ੀਰੋ ਟੈਰਰ ਪਲਾਨ, ਕਾਨੂੰਨ ਵਿਵਸਥਾ ਦੀ ਸਥਿਤੀ, ਯੂ . ਏ. ਪੀ. ਏ. ਨਾਲ ਸਬੰਧਤ ਮਾਮਲਿਆਂ ਅਤੇ ਹੋਰ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਦੀ ਵੀ ਸਮੀਖਿਆ ਕੀਤੀ।

ਉਨ੍ਹਾਂ ਨੇ ਸਰਹੱਦ ਪਾਰੋਂ ਘੁਸਪੈਠ ’ਚ ਰਿਕਾਰਡ ਕਮੀ ਅਤੇ ਕਾਨੂੰਨ ਵਿਵਸਥਾ ’ਚ ਸੁਧਾਰ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਗ੍ਰਹਿ ਮੰਤਰੀ ਨੇ ਨਿਯਮਿਤ ਪੁਲਿਸਿੰਗ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਸ਼ਾਹ ਨੇ ਸ਼੍ਰੀਨਗਰ ’ਚ ਅਗਲੇ ਮਹੀਨੇ ਹੋਣ ਵਾਲੀ ਜੀ-20 ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਬੈਠਕ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਸਾਰੀਆਂ ਸਬੰਧਤ ਏਜੰਸੀਆਂ ਨੂੰ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਕ੍ਰਮਬੱਧ ਤਰੀਕੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ’ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਕੇਂਦਰੀ ਗ੍ਰਹਿ ਸਕੱਤਰ, ਨਿਰਦੇਸ਼ਕ (ਆਈ. ਬੀ.), ਰਾਅ ਪ੍ਰਮੁੱਖ ਤੇ ਹੋਰ ਉੱਚ ਅਧਿਕਾਰੀਆਂ ਸਮੇਤ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

Add a Comment

Your email address will not be published. Required fields are marked *