ਕਮਜ਼ੋਰ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਨਿਕਲੇ ਧੋਖੇਬਾਜ਼ : ਭਗਵੰਤ ਮਾਨ

ਮਹਿੰਦਪੁਰ: ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਨੇਤਾਵਾਂ ਨੇ ਗਰੀਬ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਹੜੱਪ ਕੇ ਸਮਾਜ ਦੇ ਇਸ ਵਰਗ ਦਾ ਭਵਿੱਖ ਤਬਾਹ ਕਰ ਦਿੱਤਾ। ਇਹ ਵਿਚਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਿੰਦਪੁਰ (ਖੁਰਾਲਗੜ੍ਹ ਸਾਹਿਬ) ਵਿਖੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਆਖਿਆ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਆਗੂ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਇਨ੍ਹਾਂ ਨੂੰ ਸਭ ਤੋਂ ਵੱਧ ਖੱਜਲ-ਖੁਆਰ ਕੀਤਾ।

ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਇਨ੍ਹਾਂ ਅਖੌਤੀ ਆਗੂਆਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਹੜੱਪ ਕੇ ਆਪਣੇ ਹੀ ਭਾਈਚਾਰੇ ਦੀ ਪਿੱਠ ’ਚ ਛੁਰਾ ਮਾਰਿਆ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ’ਚ ਸ਼ਾਮਲ ਸਨ ਅਤੇ ਮੰਤਰੀਆਂ ਸਮੇਤ ਹੋਰ ਆਗੂਆਂ ਨੇ ਜਨਤਾ ਦਾ ਪੈਸਾ ਲੁੱਟਿਆ। ਇਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਬਕਾ ਮੰਤਰੀ ਦੇ ਘਰੋਂ ਧਨ-ਦੌਲਤ ਬਰਾਮਦ ਹੋਣ ਦੇ ਨਾਲ-ਨਾਲ ਨੋਟ ਗਿਣਨ ਵਾਲੀਆਂ 2 ਮਸ਼ੀਨਾਂ ਮਿਲਣ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਇਨ੍ਹਾਂ ਆਗੂਆਂ ਨੇ ਕਿੰਨੀ ਬੇਰਹਿਮੀ ਨਾਲ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਲੋਕਪੱਖੀ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕੀਤੇ ਹਨ। ਪਹਿਲਾਂ ਅਮੀਰ ਲੋਕ ਲਾਭ ਪ੍ਰਾਪਤ ਕਰਦੇ ਸਨ ਅਤੇ ਹੱਕਦਾਰ ਨੂੰ ਛੱਡ ਦਿੱਤਾ ਜਾਂਦਾ ਸੀ, ਹੁਣ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਸਿਰਫ਼ ਲੋੜਵੰਦ ਲੋਕਾਂ ਨੂੰ ਹੀ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵੱਡੇ ਨਿੱਜੀ ਹਸਪਤਾਲਾਂ ਅਤੇ ਵਿੱਦਿਅਕ ਅਦਾਰਿਆਂ ਲਈ ਰਾਹ ਖੋਲ੍ਹਣ ਵਾਸਤੇ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਇਨ੍ਹਾਂ ਪ੍ਰਾਈਵੇਟ ਲੋਕਾਂ ਨੇ ਇਸ ਲੁੱਟ ’ਚ ਹਿੱਸਾ-ਪੱਤੀ ਪੁਆ ਕੇ ਸਰਕਾਰ ਨਾਲ ਮਿਲੀਭੁਗਤ ਕੀਤੀ। ਇਸੇ ਤਰ੍ਹਾਂ ਹੀ ਟਰਾਂਸਪੋਰਟ ਸੈਕਟਰ ’ਚ ਜਨਤਕ ਖੇਤਰ ਦੇ ਅਦਾਰਿਆਂ ’ਚ ਨਿੱਜੀ ਟਰਾਂਸਪੋਰਟਰਾਂ ਦਾ ਦਬਦਬਾ ਸੀ, ਜਿਸ ਕਾਰਨ ਆਮ ਆਦਮੀ ਦੀ ਖੱਜਲ-ਖੁਆਰੀ ਹੁੰਦੀ ਰਹੀ। ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਨ੍ਹਾਂ ਆਗੂਆਂ ਦੀ ਜਗੀਰੂ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਦੀ ਭਲਾਈ ਲਈ ਸਰਕਾਰ ਇਮਾਨਦਾਰੀ ਨਾਲ ਕਿਉਂ ਕੰਮ ਕਰ ਰਹੀ ਹੈ।

ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ‘ਤੇ ਤੰਜ ਕੱਸਦਿਆਂ ਕਿਹਾ ਕਿ ਜਿਹੜਾ ਵਿਅਕਤੀ ਖੁਦ ਦੁਪਹਿਰ 12 ਵਜੇ ਉਠਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫਾਇਦੇ ਨੂੰ ਨਹੀਂ ਸਮਝ ਸਕਦਾ। ਇਨ੍ਹਾਂ ਆਗੂਆਂ ਨੂੰ ਅਜਿਹੀ ਲੋਕ ਵਿਰੋਧੀ ਮਾਨਸਿਕਤਾ ਕਰਕੇ ਹੀ ਲੋਕਾਂ ਨੇ ਬੁਰੀ ਤਰ੍ਹਾਂ ਨਕਾਰਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਸਮਾਗਮ ਤੋਂ ਬਾਅਦ ਮੁੱਖ ਮੰਤਰੀ ਨੇ ਸੰਤਾਂ ਨਾਲ ਪੰਗਤ ‘ਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਦਿਨੇਸ਼ ਚੱਢਾ ਆਦਿ ਹਾਜ਼ਰ ਸਨ।

Add a Comment

Your email address will not be published. Required fields are marked *