ਸੀਬੀਆਈ ਵੱਲੋਂ ਕੇਜਰੀਵਾਲ ਨੂੰ ਸੱਦੇ ਜਾਣ ਵਿਰੁੱਧ ਸੜਕਾਂ ’ਤੇ ਉੱਤਰੀ ‘ਆਪ’

ਸੀਬੀਆਈ ਵੱਲੋਂ ਦਿੱਲੀ ਦੀ ਆਬਕਾਰੀ ਨੀਤੀ ਸਬੰਧੀ ਪੁੱਛ ਪੜਤਾਲ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦੇ ਜਾਣ ਤੋਂ ਨਾਰਾਜ਼ ਪੰਜਾਬ ’ਚ ‘ਆਪ’ ਦੇ ਵਰਕਰ ਸੜਕਾਂ ’ਤੇ ਉੱਤਰ ਆਏ ਹਨ। ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਵੱਡਾ ਇਕੱਠ ਕੀਤਾ ਗਿਆ, ਜਿਸ ’ਚ ਵਿਧਾਇਕਾ ਜੀਵਨਜੋਤ ਕੌਰ ਵੀ ਮੌਜੂਦ ਰਹੇ। ਇਸੇ ਤਰ੍ਹਾਂ ਜਲੰਧਰ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਵੀ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਗਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ। ਇਸੇ ਏਜੰਡੇ ਤਹਿਤ ਭਾਜਪਾ ਵੱਲੋਂ ‘ਆਪ’ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਹਿੱਤ ’ਚ ਵਧੇਰੇ ਕੰਮ ਕੀਤੇ ਹਨ, ਜਿਨ੍ਹਾਂ ਨੂੰ ਖਤਮ ਨਹੀਂ ਕੀਤਾ ਜਾ ਸਕਦਾ ਹੈ।

ਅੰਮ੍ਰਿਤਸਰ ਦੇ ਸਥਾਨਕ ਭੰਡਾਰੀ ਪੁਲ ’ਤੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੁਖ਼ਲਾ ਗਈ ਹੈ। ਇਸ ਲਈ ਭਾਜਪਾ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸੀਬੀਆਈ ਤੋਂ ਤਲਬ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਤੋਂ ਆਏ ਆਗੂ, ਅਹੁਦੇਦਾਰ ਅਤੇ ਵਰਕਰ ਭਾਜਪਾ ਸਰਕਾਰ ਦੇ ਖ਼ਿਲਾਫ਼ ਇੱਥੇ ਇਕੱਠੇ ਹੋਏ। ਇਸ ਮੌਕੇ ਕੇਂਦਰ ਸਰਕਾਰ ਦੀ ਕਾਰਵਾਈ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਮੋਦੀ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਜਿੰਨੀ ਮਰਜ਼ੀ ਵਰਤੋਂ ਕਰ ਲਵੇ ਪਰ ਆਮ ਆਦਮੀ ਪਾਰਟੀ ਹੁਣ ਦਬਣ ਅਤੇ ਰੁਕਣ ਵਾਲੀ ਨਹੀਂ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਜਰੀਵਾਲ ਤੋਂ ਡਰਦੇ ਹਨ। ਸ੍ਰੀ ਮੋਦੀ ਨੂੰ ਪਤਾ ਹੈ ਕਿ 2024 ਵਿੱਚ ਕੇਜਰੀਵਾਲ ਹੀ ਉਨ੍ਹਾਂ ਨੂੰ ਟੱਕਰ ਦੇ ਸਕਦੇ ਹਨ। ਇਸ ਲਈ ਉਹ ਵਾਰ-ਵਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਵਿਧਾਇਕ ਡਾ. ਅਜੈ ਗੁਪਤਾ, ਜੀਵਨ ਜੋਤ ਕੌਰ, ਡਾ. ਜਸਬੀਰ ਸਿੰਘ, ਦਲਬੀਰ ਸਿੰਘ ਟੌਂਗ, ਚੇਅਰਮੈਨ ਗੁਰਦੇਵ ਸਿੰਘ ਲਖਨਾ, ਬਲਰਾਮ ਸਿੰਘ, ਚੇਅਰਮੈਨ ਅੰਮ੍ਰਿਤਸਰ ਨਗਰ ਇੰਪਰੂਵਮੈਂਟ ਟਰੱਸਟ ਅਸ਼ੋਕ ਤਲਵਾਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਜਸਪ੍ਰੀਤ ਸਿੰਘ, ਨੈਸ਼ਨਲ ਕੌਂਸਲ ਮੈਂਬਰ ਬਲਜੀਤ ਸਿੰਘ, ਹਰਿੰਦਰ ਸਿੰਘ, ਜਸਬੀਰ ਸਿੰਘ ਸੁਰਸਿੰਘ , ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਸ਼ਮਸ਼ੇਰ ਸਿੰਘ ਦੀਨਾਨਗਰ ਮੌਜੂਦ ਸਨ।

Add a Comment

Your email address will not be published. Required fields are marked *