ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਰਾਸ਼ਟਰਪਤੀ ਮੁਰਮੂ ਸਣੇ ਕਈ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ

 ਪੰਜਾਬ ਦੀ ਰਾਜਨੀਤੀ ਦੇ ‘ਬਾਬਾ ਬੋਹੜ’ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ 95 ਸਾਲ ਦੀ ਉਮਰ ’ਚ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖ਼ਰੀ ਸਾਹ ਲਏ। ਉਨ੍ਹਾਂ ਨੂੰ ਬੁੱਧਵਾਰ ਅਚਾਨਕ ਤਬੀਅਤ ਖ਼ਰਾਬ ਹੋਣ ’ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ’ਚ ਦਾਖ਼ਲ ਕਰਵਾਇਆ ਗਿਆ ਸੀ।

ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੇ ਦੇਹਾਂਤ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਪੁਰਾਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਟਵੀਟ ਕਰਦਿਆਂ ਲਿਖਿਆ, “ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਰਾਜਨੀਤਿਕ ਨੇਤਾਵਾਂ ਵਿਚੋਂ ਇਕ ਸਨ। ਭਾਵੇਂ ਲੋਕ ਸੇਵਾ ਵਿਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤਕ ਹੀ ਸੀਮਤ ਰਿਹਾ, ਪਰ ਦੇਸ਼ ਭਰ ਵਿਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਕ ਖਲਾਅ ਪੈ ਗਿਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, “ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇਕ ਵਿਸ਼ਾਲ ਸ਼ਖਸੀਅਤ, ਅਤੇ ਇਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਰਾਜ ਦੀ ਅਗਵਾਈ ਕੀਤੀ।”

ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਬਹੁਤ ਕੁਝ ਸਿੱਖਿਆ ਹੈ। ਮੈਨੂੰ ਸਾਡੇ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਦਿਖਾਈ ਦਿੰਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ।”

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਵਾਹਿਗੁਰੂ ਵਾਹਿਗੁਰੂ।” ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਜਗਦੀਪ ਧਨਖੜ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੇਂਦਰੀ ਮੰਤਰੀ ਕਿਰਨ ਰਿਜਿਜੂ, ਸਮ੍ਰਿਤੀ ਇਰਾਨੀ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ, ਅਨੁਰਾਗ ਠਾਕੁਰ, ਨੀਤਿਨ ਗਡਕਰੀ, ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਸ਼ਰਦ ਪਵਾਰ, ਐੱਨ. ਚੰਦਰਬਾਬੂ ਨਾਇਡੂ, ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਸਪਾ ਸੁਪਰੀਮੋ ਮਾਇਆਵਤੀ,  ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਪਤਨੀ ਪਰਨੀਤ ਕੌਰ, ਨਵਜੋਤ ਕੌਰ ਸਿੱਧੂ, ਮਨਜਿੰਦਰ ਸਿੰਘ ਸਿਰਸਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ,  ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਿਰਨ ਖੇਰ, ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਮੀਕਾ ਸਿੰਘ, ਕੌਰ ਬੀ ਸਮੇਤ ਕਈਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

Add a Comment

Your email address will not be published. Required fields are marked *