ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਨੈਸ਼ਨਲ ਅਸੈਂਬਲੀ ‘ਚ ਭਰੋਸੇ ਦਾ ਵੋਟ ਕੀਤਾ ਹਾਸਲ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀਰਵਾਰ ਨੂੰ ਨੈਸ਼ਨਲ ਅਸੈਂਬਲੀ ‘ਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਸਰਕਾਰ ਅਤੇ ਸਿਖਰਲੀ ਨਿਆਂਪਾਲਿਕਾ ਵਿਚਾਲੇ ਵਧਦੇ ਟਕਰਾਅ ਦੌਰਾਨ ਇਕ ਹੈਰਾਨੀਜਨਕ ਘਟਨਾਕ੍ਰਮ ਵਿੱਚ 180 ਸੰਸਦ ਮੈਂਬਰਾਂ ਨੇ ਸ਼ਰੀਫ ਦੀ ਅਗਵਾਈ ਵਿੱਚ ਪੂਰਾ ਭਰੋਸਾ ਪ੍ਰਗਟਾਇਆ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਪ੍ਰਸਤਾਵ ਦਿੱਤਾ ਕਿ ਨੈਸ਼ਨਲ ਅਸੈਂਬਲੀ ਪ੍ਰਧਾਨ ਮੰਤਰੀ ਸ਼ਰੀਫ ਦੀ ਅਗਵਾਈ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟਾਏ। ਇਸ ਪ੍ਰਸਤਾਵ ਨੂੰ 342 ਮੈਂਬਰੀ ਨੈਸ਼ਨਲ ਅਸੈਂਬਲੀ ਦੇ 180 ਸੰਸਦ ਮੈਂਬਰਾਂ ਨੇ ਸਮਰਥਨ ਦਿੱਤਾ। ਪਿਛਲੇ ਸਾਲ ਅਪ੍ਰੈਲ ‘ਚ ਜਦੋਂ ਸ਼ਰੀਫ ਪ੍ਰਧਾਨ ਮੰਤਰੀ ਚੁਣੇ ਗਏ ਸਨ ਤਾਂ ਉਨ੍ਹਾਂ ਨੂੰ 174 ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਸੀ।

ਪ੍ਰਧਾਨ ਮੰਤਰੀ ਸ਼ਰੀਫ ਨੇ ਬਾਅਦ ਵਿੱਚ ਸਦਨ ਨੂੰ ਸੰਬੋਧਨ ਕੀਤਾ ਅਤੇ ਸੰਸਦ ਮੈਂਬਰਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਹਾਲਾਂਕਿ, ਇਸ ਤੋਂ ਪਹਿਲਾਂ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਸੋਮਵਾਰ ਨੂੰ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਸ਼ਰੀਫ ਚੋਟੀ ਦੀ ਨਿਆਂਪਾਲਿਕਾ ਨਾਲ ਝਗੜੇ ਦੇ ਵਿਚਕਾਰ ਸੰਸਦ ਵਿੱਚ ਭਰੋਸੇ ਦਾ ਵੋਟ ਹਾਸਲ ਕਰਨਗੇ। ਪੰਜਾਬ ਅਤੇ ਖੈਬਰ ਪਖਤੂਨਖਵਾ ਵਿੱਚ ਚੋਣਾਂ ਕਰਾਉਣ ਲਈ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੂੰ ਫੰਡ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਪੇਸ਼ ਕੀਤੇ ਧਨ ਬਿੱਲ ਨੂੰ ਨੈਸ਼ਨਲ ਅਸੈਂਬਲੀ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਸ਼ਰੀਫ ਵੱਲੋਂ ਨਵੇਂ ਸਿਰੇ ਤੋਂ ਭਰੋਸੇ ਦਾ ਵੋਟ ਹਾਸਲ ਕਰਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

Add a Comment

Your email address will not be published. Required fields are marked *