ਕੇਜਰੀਵਾਲ ਰਿਹਾਇਸ਼ ਮਾਮਲੇ ‘ਤੇ ਉਪ ਰਾਜਪਾਲ ਸਖ਼ਤ, ਅਧਿਕਾਰੀਆਂ ਨੂੰ ਜਾਰੀ ਕੀਤੇ ਇਹ ਨਿਰਦੇਸ਼

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਧਿਕਾਰਕ ਰਿਹਾਇਸ਼ ਦੀ ਮੁਰੰਮਤ ’ਤੇ ਕਰੋੜਾਂ ਰੁਪਏ ਦੇ ਖਰਚ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਅਧਿਕਾਰੀਆਂ ਨੂੰ ਖਰਚੇ ਦਾ ਰਿਕਾਰਡ ਸੁਰੱਖਿਅਤ ਰੱਖਣ ਦਾ ਹੁਕਮ ਦਿੱਤਾ ਹੈ ਅਤੇ 15 ਦਿਨਾਂ ਅੰਦਰ ਮਾਮਲੇ ’ਤੇ ਰਿਪੋਰਟ ਮੰਗੀ ਹੈ।

ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ ਜਾਰੀ ਹੁਕਮਾਂ ਮੁਤਾਬਕ, “ਉਪ ਰਾਜਪਾਲ ਨੇ ਕਈ ਮੀਡੀਆ ਰਿਪੋਰਟਾਂ ਤੇ ਇਸ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਇੱਛਾ ਜਤਾਈ ਹੈ ਕਿ ਇਸ ਮਾਮਲੇ ਵਿਚ ਸਾਰੇ ਰਿਕਾਰਡ ਤੁਰੰਤ ਸੁਰੱਖਿਅਤ ਕੀਤੇ ਜਾਣ ਤੇ ਇਨ੍ਹਾਂ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਕਬਜ਼ੇ ਵਿਚ ਲਿਆ ਜਾਵੇ। ਰਿਕਾਰਡ ਦੀ ਜਾਂਚ ਤੋਂ ਬਾਅਦ, ਇਕ ਰਿਪੋਰਟ 15 ਦਿਨਾਂ ਦੇ ਅੰਦਰ ਉਪ ਰਾਜਪਾਲ ਅੱਗੇ ਪੇਸ਼ ਕੀਤੀ ਜਾਵੇ।”

ਭਾਜਪਾ ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ’ਤੇ ਦੋਸ਼ ਲਾਉਂਦੇ ਹੋਏ ਦਾਅਵਾ ਕੀਤਾ ਕਿ ਸਾਲ 2020-22 ਦੌਰਾਨ 6-ਫਲੈਗਸਟਾਫ ਰੋਡ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਨਵੀਨੀਕਰਨ ’ਤੇ 45 ਕਰੋੜ ਰੁਪਏ ਖਰਚ ਕੀਤੇ ਗਏ ਸਨ। ਉਥੇ ਹੀ ‘ਆਪ’ ਨੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਭਾਜਪਾ ਇਸ ਮਾਮਲੇ ਨੂੰ ਉਠਾ ਕੇ ਅਸਲੀ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਜੇ ਸਿੰਘ ਅਤੇ ਰਾਘਵ ਚੱਢਾ ਸਮੇਤ ਕਈ ‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਅਤੇ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ’ਤੇ ਖਰਚ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਦਾ ਬਚਾਅ ਕੀਤਾ ਹੈ।

Add a Comment

Your email address will not be published. Required fields are marked *