ਪੈਨਸ਼ਨਰਾਂ ਵੱਲੋਂ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ
(ਮੁਹਾਲੀ), 9 ਮਈ -: ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਵਿੱਚੋਂ ਸੇਵਾਮੁਕਤ ਹੋਏ ਪੰਚਾਇਤੀ ਰਾਜ ਦੇ ਪੰਜਾਬ ਭਰ ਤੋਂ ਆਏ ਪੈਨਸ਼ਨਰਾਂ ਨੇ ਅੱਜ ਮੁਹਾਲੀ ਦੇ ਫੇਜ਼-8 ਵਿਚਲੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅੱਗੇ ਸੀਨੀਅਰ ਪੈਨਸ਼ਨਰ ਹਰਭਜਨ ਸਿੰਘ ਮੁਹਾਲੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ।
ਉਨ੍ਹਾਂ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਉੱਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਾ ਹੋਣ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪੈਨਸ਼ਨਰਾਂ ਨੇ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਪੱਕੇ ਮੋਰਚੇ ਦੀ ਚਿਤਾਵਨੀ ਵੀ ਦਿੱਤੀ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਕਦੇ ਵੀ ਸਮੇਂ-ਸਿਰ ਪੈਨਸ਼ਨ ਨਹੀਂ ਦਿੱਤੀ ਜਾਂਦੀ ਤੇ ਦੋ-ਦੋ, ਤਿੰਨ-ਤਿੰਨ ਮਹੀਨੇ ਮਗਰੋਂ ਪੈਨਸ਼ਨ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਪੈਨਸ਼ਨਾਂ ਮਿਲ ਰਹੀਆਂ ਹਨ ਪਰ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਪੈਨਸ਼ਨ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਬੁਢਾਪਾ ਭੱਤਾ, ਪੂਰੀ ਸਰਵਿਸ ਦੀ ਪੈਨਸ਼ਨ, ਐੱਲਟੀਸੀ ਸਹੂਲਤ ਵੀ ਨਾ ਦਿੱਤੇ ਜਾਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਅਤੇ ਅਧਿਕਾਰੀਆਂ ਵੱਲੋਂ 14 ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਲਾਰੇ ਲਗਾਏ ਜਾ ਰਹੇ ਹਨ ਪਰ ਅਮਲੀ ਤੌਰ ’ਤੇ ਕੁਝ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਪੈਨਸ਼ਨ ਲਾਉਣ ਦੇ ਅਮਲ ਨੂੰ ਸਮਾਂਬੱਧ ਕਰਨ ਦੀ ਵੀ ਮੰਗ ਕੀਤੀ। ਧਰਨੇ ਨੂੰ ਜਥੇਬੰਦੀ ਦੇ ਸਕੱਤਰ ਜਗੀਰ ਸਿੰਘ ਢਿੱਲੋਂ, ਨੈਬ ਸਿੰਘ ਰੌਂਤਾ, ਨਰਿੰਦਰ ਸਿੰਘ ਚਮਕੌਰ ਸਾਹਿਬ, ਮਹਿੰਦਰ ਸਿੰਘ ਭੰਗੂ, ਜਗਤਾਰ ਸਿੰਘ, ਸਤਿੰਦਰਪਾਲ ਕੌਰ ਮੋਗਾ, ਰਜਿੰਦਰ ਸਿੰਘ ਮੁਕੇਰੀਆਂ ਤੇ ਜੁਗਿੰਦਰ ਸਿੰਘ ਬਲਾਚੌਰ ਆਦਿ ਨੇ ਵੀ ਸੰਬੋਧਨ ਕੀਤਾ।

