ਤਿਹਾੜ ਜੇਲ੍ਹ ਦੇ 90 ਤੋਂ ਵੱਧ ਅਧਿਕਾਰੀਆਂ ਦੇ ਤਬਾਦਲੇ, ਗੈਂਗਸਟਰ ਟਿੱਲੂ ਦੇ ਕਤਲ ਤੋਂ ਬਾਅਦ ਦਿੱਲੀ ਸਰਕਾਰ ਦੀ ਕਾਰਵਾਈ

ਦਿੱਲੀ ਦੀ ਤਿਹਾੜ ਜੇਲ੍ਹ ਦੇ 90 ਤੋਂ ਵੱਧ ਅਧਿਕਾਰੀਆਂ ਦਾ ਵੀਰਵਾਰ ਨੂੰ ਤਬਾਦਲਾ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗੈਂਗਸਟਰ ਟਿੱਲੂ ਤਾਜਪੁਰੀਆ ਦਾ ਤਿਹਾੜ ਜੇਲ੍ਹ ਦੇ ਅੰਦਰ ਇਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰਾਂ ਵੱਲੋਂ ਕਤਲ ਕੀਤੇ ਜਾਣ ਤੋਂ ਬਾਅਦ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਇਕ ਅਧਿਕਾਰੀ ਅਨੁਸਾਰ ਡਾਇਰੈਕਟਰ ਜਨਰਲ (ਜੇਲ੍ਹਾਂ) ਸੰਜੇ ਬੈਨੀਵਾਲ ਨੇ ਸਹਾਇਕ ਸੁਪਰਡੈਂਟ, ਡਿਪਟੀ ਸੁਪਰਡੈਂਟ, ਹੈੱਡ ਵਾਰਡਰ ਅਤੇ ਵਾਰਡਰਾਂ ਸਮੇਤ 99 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ।

ਅਗਲੇ ਕੁਝ ਦਿਨਾਂ ‘ਚ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਅਨੁਮਾਨ ਹੈ। ਤਿਹਾੜ ਜੇਲ੍ਹ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ ਤਾਜਪੁਰੀਆ ਕਤਲ ਕਾਂਡ ਨੂੰ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲਿਆ ਹੈ। ਨਤੀਜੇ ਵਜੋਂ ਜ਼ਮੀਨੀ ਪੱਧਰ ‘ਤੇ ਚੀਜ਼ਾਂ ਨੂੰ ਸੁਚਾਰੂ ਬਣਾਉਣ ਅਤੇ ਬਦਲਾਅ ਦੀ ਲੋੜ ਵੀ ਮਹਿਸੂਸ ਕੀਤੀ ਗਈ ਸੀ। ਜੇਲ੍ਹ ਅਧਿਕਾਰੀ ਨੇ ਕਿਹਾ ਕਿ ਇਹ ਕਦਮ ਸਖ਼ਤ ਸੰਦੇਸ਼ ਦੇਣ ਲਈ ਚੁੱਕਿਆ ਗਿਆ ਹੈ ਕਿ ਡਿਊਟੀ ਨਿਭਾਉਣ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੀਸੀਟੀਵੀ ਫੁਟੇਜ ਤੋਂ ਪਤਾ ਲੱਗਦਾ ਹੈ ਕਿ ਤਾਜਪੁਰੀਆ ‘ਤੇ ਪਿਛਲੇ ਹਫ਼ਤੇ ਉੱਚ ਸੁਰੱਖਿਆ ਵਾਲੀ ਜੇਲ੍ਹ ਦੇ ਅੰਦਰ ਗੋਗੀ ਗੈਂਗ ਦੇ 4 ਮੈਂਬਰਾਂ ਨੇ ਕਥਿਤ ਤੌਰ ‘ਤੇ ਹਮਲਾ ਕੀਤਾ ਸੀ। ਕੁਝ ਦਿਨਾਂ ਬਾਅਦ ਸਾਹਮਣੇ ਆਈ ਇਕ ਵੀਡੀਓ ਫੁਟੇਜ ਵਿੱਚ ਗੋਗੀ ਗੈਂਗ ਦੇ ਮੈਂਬਰ ਸੁਰੱਖਿਆ ਕਰਮਚਾਰੀਆਂ ਦੇ ਸਾਹਮਣੇ ਤਾਜਪੁਰੀਆ ‘ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।

Add a Comment

Your email address will not be published. Required fields are marked *