ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕ ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਘਰੋਂ ਨਿਕਲਣ

ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਤੋਂ 29 ਸਤੰਬਰ ਤੱਕ 3 ਦਿਨ ਲਈ ਹੜਤਾਲ ਕਰਦੇ ਹੋਏ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਭਰ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ।

ਲੁਧਿਆਣਾ ਡਿਪੂ ਦੇ ਗੇਟ ਅੱਗੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਤਨਾਮ ਸਿੰਘ, ਉਪ ਪ੍ਰਧਾਨ ਸੁਖਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਰਦੀ ਹੈ ਪਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਤਾਂ ਦੂਰ ਦੀ ਗੱਲ, ਯੂਨੀਅਨ ਨੂੰ ਮਿਲਣ ਲਈ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ। ਇਸ ਦੇ ਉਲਟ ਟਰਾਂਸਪੋਰਟ ਵਿਭਾਗ ਇਕ ਵਾਰ ਫਿਰ ਆਊਟਸਰੋਸਿਜ਼ ਜ਼ਰੀਏ ਭਰਤੀ ਕਰਨ ਜਾ ਰਿਹਾ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਸਿਰਫ ਦਿਖਾਵਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ 6 ਸਤੰਬਰ ਨੂੰ ਪਟਿਆਲਾ ’ਚ ਪੀ. ਆਰ. ਟੀ. ਸੀ. ਦੇ ਮੁੱਖ ਦਫ਼ਤਰ ਅਤੇ 13 ਸਤੰਬਰ ਨੂੰ ਪਨਬੱਸ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਪਰ ਫਿਰ ਵੀ ਸੁਣਵਾਈ ਨਾ ਹੋਈ ਤਾਂ 27, 29 ਅਤੇ 29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

Add a Comment

Your email address will not be published. Required fields are marked *