ਸੁਖਬੀਰ ਨੇ ਭਗਵੰਤ ਮਾਨ ਦਾ ਅਸਤੀਫਾ ਮੰਗਿਆ

ਅੰਮ੍ਰਿਤਸਰ, 12 ਮਈ-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਹੈ ਕਿ ਉਹ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਾਰ ਵਾਰ ਹੋਏ ਧਮਾਕਿਆਂ ਨੂੰ ਰੋਕਣ ਵਿੱਚ ਨਾਕਾਮ ਰਹੇ ਹਨ, ਇਸ ਕਰਕੇ ਨੈਤਿਕਤਾ ਦੇ ਆਧਾਰ ’ਤੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਬਣੇ ਰਹਿਣ ਦਾ ਹੁਣ ਕੋਈ ਅਧਿਕਾਰ ਨਹੀਂ ਹੈ।

ਸੁਖਬੀਰ ਬਾਦਲ ਅੱਜ ਪਿਛਲੀ ਕਾਂਗਰਸ ਸਰਕਾਰ ਵੇਲੇ ਕਰੋਨਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਇੱਕ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣ ਲਈ ਇਥੇ ਪਹੁੰਚੇ ਸਨ। ਅਦਾਲਤ ਵਿੱਚ ਪੇਸ਼ੀ ਭੁਗਤਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੌਕੇ ਦਾ ਜਾਇਜ਼ਾ ਲੈਣ ਲਈ ਇਥੇ ਆਉਣ ਦੀ ਥਾਂ ਆਪਣੀ ਪੀਆਰ ਮੁਹਿੰਮ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਸਰਹੱਦਾਂ ’ਤੇ ਅਪਰੇਸ਼ਨ ਤੇਜ਼ ਕਰਨ ਦੇ ਹੁਕਮ ਤਾਂ ਦਿੱਤੇ, ਪਰ ਅੰਮ੍ਰਿਤਸਰ ਵਿੱਚ ਧਮਾਕੇ ਕਰਕੇ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਮੁਹਿੰਮ ਤੇਜ਼ ਕਰਨ ਲਈ ਕੋਈ ਹਦਾਇਤ ਜਾਰੀ ਨਹੀਂ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਰੀਆ ਦੁਨੀਆਂ ਵਿੱਚ ਸਤਿਕਾਰਤ ਅਤੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਵੀ ਪੰਜਾਬ ਵਿੱਚ ਸੁਰੱਖਿਅਤ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਵੀ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ ਤੇ ਬੰਬ ਧਮਾਕਾ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਜ਼ਿੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨੇ ਨਿਭਾਈ ਹੈ। 

Add a Comment

Your email address will not be published. Required fields are marked *