ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਮਈ-: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਖ਼ਿਲਾਫ਼ ਵੀ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜ਼ਿਲ੍ਹਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖ਼ਿਲਾਫ਼ ਜਾਂਚ ਤੋਂ ਮਗਰੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਬਿਊਰੋ ਮੁਤਾਬਕ ਸਾਬਕਾ ਵਿਧਾਇਕ ਦੀ ਸਾਰੀ ਚੱਲ ਅਤੇ ਅਚੱਲ ਜਾਇਦਾਦ ਦਾ ਮੁਲਾਂਕਣ ਕਰਨ ਲਈ ਵਿਜੀਲੈਂਸ ਨੇ 1 ਅਪਰੈਲ 2017 ਤੋਂ 31 ਮਾਰਚ 2022 ਤੱਕ (ਪੰਜ ਸਾਲ) ਭਾਵ ਕਾਂਗਰਸ ਦੇ ਕਾਰਜਕਾਲ ਨੂੰ ਇਸ ਜਾਂਚ ਦੀ ਮਿਆਦ ਵਜੋਂ ਨਿਰਧਾਰਤ ਕੀਤਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜ਼ਿਲ੍ਹਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਮ ’ਤੇ ਜਾਇਦਾਦ ਖਰੀਦੀ ਹੈ। ਇਹ ਤੱਥ ਸਾਹਮਣੇ ਵੀ ਆਏ ਹਨ ਕਿ ਕਿੱਕੀ ਢਿੱਲੋਂ ਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਫੀਸਦ ਖਰਚ ਕੀਤਾ ਹੈ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਹੁਣ ਤੱਕ ਕਾਂਗਰਸ ਆਗੂਆਂ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਨ ਆਸ਼ੂ, ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਬ੍ਰਹਮ ਮਹਿੰਦਰਾ, ਓਮ ਪ੍ਰਕਾਸ਼ ਸੋਨੀ, ਵਿਜੈਇੰਦਰ ਸਿੰਗਲਾ, ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਕੁਲਦੀਪ ਵੈਦ, ਮਦਨਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਕੈਪਟਨ ਸੰਦੀਪ ਸੰਧੂ, ਭਰਤਇੰਦਰ ਸਿੰਘ ਚਾਹਲ ਤੇ ਹੋਰਾਂ ਖ਼ਿਲਾਫ਼ ਜਾਂਚ ਚੱਲ ਰਹੀ ਹੈ।

ਫਰੀਦਕੋਟ ਨਾਲ ਸਬੰਧਤ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਸਿਆਸੀ ਤੌਰ ’ਤੇ ਬਾਦਲ ਪਰਿਵਾਰ ਦਾ ਕਰੀਬੀ ਰਿਹਾ ਹੈ। ਸਾਲ 2022 ਵਿੱਚ ਉਹ ਪਹਿਲੀ ਵਾਰੀ ਫਰੀਦਕੋਟ ਤੋਂ ਆਜ਼ਾਦ ਤੌਰ ’ਤੇ ਵਿਧਾਇਕ ਬਣਿਆ। ਉਸ ਤੋਂ ਬਾਅਦ ਸਾਲ 2010 ਵਿੱਚ ਅਕਾਲੀ ਦਲ ਛੱਡ ਕੇ ਮਨਪ੍ਰੀਤ ਸਿੰਘ ਬਾਦਲ ਨਾਲ ਜਾ ਰਲਿਆ ਸੀ ਤੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸਾਲ 2011 ਵਿੱਚ ਕਾਂਗਰਸ ’ਚ ਸ਼ਾਮਲ ਹੋ ਗਿਆ। ਸਾਲ 2017 ’ਚ ਉਹ ਫਰੀਦਕੋਟ ਤੋਂ ਕਾਂਗਰਸ ਦੀ ਟਿਕਟ ’ਤੇ ਜਿੱਤਿਆ ਤੇ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ’ਚੋ ਮੰਨਿਆ ਜਾਂਦਾ ਸੀ। ਪੰਜਾਬ ’ਚ ਸੱਤਾ ‘ਆਪ’ ਦੀ ਸਰਕਾਰ ਬਣਨ ਮਗਰੋਂ ਵਿਜੀਲੈਂਸ ਨੇ ਕਿੱਕੀ ਢਿੱਲੋਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਕੀਤਾ ਸੀ।

Add a Comment

Your email address will not be published. Required fields are marked *