ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਅੱਜ ਦੇਸ਼ ਭਰ ’ਚ ਪ੍ਰੈੱਸ ਕਾਨਫਰੰਸਾਂ ਕਰੇਗੀ ਭਾਜਪਾ

ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਕੇਂਦਰੀ ਮੰਤਰੀ ਸੋਮਵਾਰ ਨੂੰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਦੇਸ਼ ਦੇ ਜਿਨ੍ਹਾਂ ਸੂਬਿਆਂ ‘ਚ ਭਾਜਪਾ ਦੀ ਸਰਕਾਰ ਹੈ, ਉੱਥੇ ਮੁੱਖ ਮੰਤਰੀਆਂ ਦੇ ਨਾਲ ਮਿਲ ਕੇ ਕੇਂਦਰੀ ਮੰਤਰੀ ਪ੍ਰੈੱਸ ਕਾਨਫਰੰਸ ਕਰਨਗੇ। ਦੂਜੇ ਪਾਸੇ ਜਿਨ੍ਹਾਂ ਸੂਬਿਆਂ ‘ਚ ਭਾਜਪਾ ਸੱਤਾ ‘ਚ ਨਹੀਂ ਹੈ, ਉੱਥੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਮਿਲ ਕੇ ਪ੍ਰੈੱਸ ਕਾਨਫਰੰਸ ਕਰਨਗੇ।

ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੇ ਮੰਤਰੀ ਵੱਖ-ਵੱਖ ਸੂਬਿਆਂ ’ਚ ਪ੍ਰੈੱਸ ਕਾਨਫਰੰਸ ਕਰਨਗੇ। ਇਨ੍ਹਾਂ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੁੰਬਈ ਵਿਚ, ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਲਖਨਊ ਵਿਚ, ਸੂਚਨਾ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਅਹਿਮਦਾਬਾਦ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਦਿੱਲੀ ਵਿਚ ਪ੍ਰੈੱਸ ਕਾਨਫਰੰਸ ਕਰਨਗੇ।

ਇਸ ਦੇ ਨਾਲ ਹੀ ਕਿਰਤ ਅਤੇ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੂੰ ਭੋਪਾਲ ਵਿਚ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੂੰ ਰੋਹਤਕ ਵਿਚ, ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੂੰ ਹੈਦਰਾਬਾਦ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨੂੰ ਗੁਹਾਟੀ ਵਿਚ ਪ੍ਰੈੱਸ ਕਾਨਫਰੰਸ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਟਨਾ ’ਚ, ਵਣਜ ਮੰਤਰੀ ਪਿਊਸ਼ ਗੋਇਲ ਜੈਪੁਰ ਵਿਚ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਕੋਲਕਾਤਾ ’ਚ ਪ੍ਰੈੱਸ ਕਾਨਫਰੰਸ ਕਰਨਗੇ।

ਦੱਸ ਦੇਈਏ ਕਿ ਐਤਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ’ਚ 2024 ਦੀਆਂ ਲੋਕ ਸਭਾ ਚੋਣ ’ਤੇ ਵਿਆਪਕ ਚਰਚਾ ਹੋਈ। ਭਾਜਪਾ 30 ਮਈ ਤੋਂ 30 ਜੂਨ ਤੱਕ ਵਿਸ਼ੇਸ਼ ਜਨ ਸੰਪਰਕ ਮੁਹਿੰਮ ਵੀ ਚਲਾਏਗੀ। ਇਸ ਤਹਿਤ ਭਾਜਪਾ ਜਨਤਾ ਨਾਲ ਸੰਪਰਕ ਕਰਨ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਕਰੇਗੀ।

ਇਕ ਟਵੀਟ ਵਿਚ ਪੀ.ਐੱਮ. ਮੋਦੀ ਨੇ ਕਿਹਾ, “ਅੱਜ ਭਾਜਪਾ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਇਕ ਰਚਨਾਤਮਕ ਮੀਟਿੰਗ ਹੋਈ। ਅਸੀਂ ਵਿਕਾਸ ਵਿਚ ਤੇਜ਼ੀ ਲਿਆਉਣ ਅਤੇ ਸਾਡੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਮੀਟਿੰਗ ਦੌਰਾਨ ਆਪਣੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ।’’

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਅਸਾਮ ਦੇ ਮੁੱਖ ਮੰਤਰੀ ਡਾ. ਹੇਮੰਤ ਬਿਸਵਾ ਸਰਮਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਗੁਜਰਾਤ ਦੇ ਮੁੱਖ ਮੰਤਰੀ ਐਤਵਾਰ ਨੂੰ ਹੋਈ ਬੈਠਕ ’ਚ ਸੀ.ਐੱਮ. ਭੂਪੇਂਦਰ ਪਟੇਲ, ਨਾਗਾਲੈਂਡ ਦੇ ਡਿਪਟੀ ਸੀ.ਐੱਮ. ਯੈਂਥੁੰਗੋ ਪੈਟਨ, ਮੱਧ ਪ੍ਰਦੇਸ਼ ਦੇ ਸੀ.ਐੱਮ. ਸ਼ਿਵਰਾਜ ਸਿੰਘ ਚੌਹਾਨ ਅਤੇ ਤ੍ਰਿਪੁਰਾ ਦੇ ਸੀ.ਐੱਮ. ਮਾਣਿਕ ਸਾਹਾ ਮੌਜੂਦ ਸਨ।

Add a Comment

Your email address will not be published. Required fields are marked *