ਮੀਡੀਆ ਦੀ ਆਵਾਜ਼ ਦਬਾਅ ਰਹੀ ਹੈ ‘ਆਪ’ ਸਰਕਾਰ: ਕਾਂਗਰਸ

ਜਲੰਧਰ, 1 ਜੂਨ-: ਕਾਂਗਰਸ ਵੱਲੋਂ ਅੱਜ ਇੱਥੇ ਸੱਦੀ ਸਿਆਸੀ ਪਾਰਟੀਆਂ ਦੀ ਮੀਟਿੰਗ ਵਿੱਚ ਬੁਲਾਰਿਆਂ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਮੀਡੀਆ ਦੀ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਹੈ। ਇਸ ਮੌਕੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਜੰਗ-ਏ-ਆਜ਼ਾਦੀ ਯਾਦਗਾਰ ’ਤੇ ਖਰਚ ਫੰਡਾਂ ਦੀ ਜਾਂਚ ਸਬੰਧੀ ਵਿਜੀਲੈਂਸ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਦਾ ਵਿਰੋਧ ਕੀਤਾ। ਮੀਟਿੰਗ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਪਹੁੰਚੇ ਹੋਏ ਸਨ।

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਕਰਨਾ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਇਸ ਤਰ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀ। ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਕੇਂਦਰ ਸਰਕਾਰ ਵਾਂਗ ‘ਆਪ’ ਸਰਕਾਰ ਪੰਜਾਬ ’ਚ ਆਪਣੇ ਖ਼ਿਲਾਫ਼ ਅਤੇ ਲੋਕਾਂ ਦੇ ਹੱਕ ਵਿੱਚ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਖ਼ਿਲਾਫ਼ ਸਾਰੇ ਸਿਆਸੀ ਦਲਾਂ ਨੂੰ ਇਕ ਸੁਰ ਵਿੱਚ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਵੱਲੋਂ ਆਪਣੇ ਮੰਤਰੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸਗੋਂ ਉਲਟ ਲੋਕਾਂ ਦੇ ਹੱਕ ਵਿੱਚ ਬੋਲਣ ਵਾਲਿਆਂ ਨੂੰ ਫਸਾਇਆ ਜਾ ਰਿਹਾ ਹੈ।

Add a Comment

Your email address will not be published. Required fields are marked *