SGPC ਚੋਣਾਂ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਝਟਕਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਨ੍ਹਾਂ ਦੋਵਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੇਲੇ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕੀਤੀ ਸੀ। ਉਨ੍ਹਾਂ ਨੇ ਪਾਇਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਅੰਬਾਲਾ ਤੋਂ ਮੈਂਬਰ ਅਮਰੀਕ  ਸਿੰਘ ਜਨੈਤਪੁਰਾ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਤ ਕੀਤਾ।

ਜਿੱਥੇ ਹਰਪਾਲ ਸਿੰਘ ਜੱਲਾ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਏ ਹਨ, ਉਥੇ ਹੀ ਅਮਰੀਕ ਸਿੰਘ ਜਨੈਤਪੁਰ ਇਕ ਆਜ਼ਾਦ ਜਿੱਤੇ ਹੋਏ ਮੈਂਬਰ ਹਨ। ਦੋਵਾਂ ਮੈਂਬਰਾਂ ਨੇ ਅਕਾਲੀ ਦਲ ਪ੍ਰਧਾਨ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ ਤੇ ਭਰੋਸਾ ਦੁਆਇਆ ਕਿ ਉਹ ਹਰ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ।

ਉਨ੍ਹਾਂ ਨੇ ਪਿਛਲੇ ਸਾਲਾਂ ਦੌਰਾਨ ਅਕਾਲੀ ਦਲ ਛੱਡ ਕੇ ਗਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਂ ਉਸ ਲਈ ਮੁਆਫ਼ੀ ਮੰਗਦਾ ਹਾਂ ਪਰ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਤਾਕਤਾਂ ਨੂੰ ਮਾਤ ਪਾਉਣ ਲਈ ਸਾਡਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਹਫਤੇ ਦੇ ਸ਼ੁਰੂ ਵਿਚ ਇਕ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਗਰਚਾ ਆਪਣੇ ਪਿਤਾ ਤੇ ਸਾਬਕਾ ਮੰਤਰੀ ਜਗਦੀਪ ਸਿੰਘ ਗਰਚਾ ਦੇ ਨਾਲ ਮੁੜ ਪਾਰਟੀ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਹੋਰ ਵੀ ਮੈਂਬਰ ਜਲਦੀ ਪਾਰਟੀ ਵਿਚ ਮੁੜ ਸ਼ਾਮਲ ਹੋਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਮਹਿਸੂਸ ਕਰ ਲਿਆ ਹੈ ਕਿ ਬੀਬੀ ਜਗੀਰ ਕੌਰ ਸਿੱਖ ਕੌਮ ਨੂੰ ਵੰਡਣ ਤੇ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਸਨ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੇ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ਇਕਜੁੱਟ ਹੋਣ ਦਾ ਫ਼ੈਸਲਾ ਲਿਆ ਹੈ।

Add a Comment

Your email address will not be published. Required fields are marked *