ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਵਰਕੌਮ ਦਫ਼ਤਰ ਦਾ ਘਿਰਾਓ

ਪਟਿਆਲਾ, 8 ਜੂਨ-: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਲ ਸਬੰਧਤ ਮੰਗਾਂ ਲਾਗੂ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਿੱਚ ਸ਼ਾਮਲ ਜਥੇਬੰਦੀਆਂ ਨੇ ਬਿਜਲੀ ਨਿਗਮ ਦਾ ਪਟਿਆਲਾ ’ਚ ਮੁੱਖ ਦਫ਼ਤਰ ਘੇਰ ਲਿਆ। ਧਰਨੇ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 18 ਮਈ 2022 ਤੋਂ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਦੀਆਂ ਸੰਯੁਕਤ ਕਿਸਾਨ ਮੋਰਚੇ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਮਗਰੋਂ ਮੁੱਖ ਮੰਤਰੀ ਅਤੇ ਵੱਖ ਵੱਖ ਮੰਤਰੀਆਂ ਵੱਲੋਂ ਹਰ ਵਾਰ ਮੀਡੀਆ ’ਚ ਮੰਗਾਂ ਮੰਨੇ ਜਾਣ ਦਾ ਐਲਾਨ ਤਾਂ ਕੀਤਾ ਗਿਆ ਪਰ ਇਸ ਸਬੰਧ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ।

ਕਿਸਾਨ ਆਗੂਆਂ ਨੇ ਜਰਨਲ ਕੈਟਾਗਰੀ ਦੇ ਕੁਨੈਕਸ਼ਨ ਜਾਰੀ ਕਰਨ, ਵੀ.ਡੀ.ਐੱਸ ਸਕੀਮ ਹਰ ਸਮੇਂ ਖੁੱਲ੍ਹੀ ਰੱਖਣ ਅਤੇ ਫ਼ੀਸ ਤੋਂ ਛੋਟ ਦੇਣ, ਖੇਤੀ ਦੇ ਸਹਾਇਕ ਧੰਦਿਆਂ ਦੇ ਕੁਨੈਕਸ਼ਨਾਂ ’ਤੇ ਕਮਰਸ਼ੀਅਲ ਚਾਰਜ ਬੰਦ ਕਰਨ, ਮਜ਼ਦੂਰਾਂ ਅਤੇ ਕਿਸਾਨਾਂ ਦੇ ਕੁਨੈਕਸ਼ਨ ਕੱਟਣ ਦੀ ਕਵਾਇਦ ਰੋਕਣ, ਕਿਸਾਨਾਂ ਤੋਂ ਕੁਨੈਕਸ਼ਨ ਦੇਣ ਦੇ ਨਾਂ ਥੱਲੇ ਭਰਵਾਏ ਗਏ ਪੈਸੇ ਵਿਆਜ ਸਣੇ ਮੋੜਨ, ਸੜੇ ਟਰਾਂਸਫ਼ਾਰਮਰ 24 ਘੰਟਿਆਂ ਅੰਦਰ ਬਦਲਣ ਅਤੇ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਅਤੇ ਤੁਰੰਤ ਪਹਿਲ ਦੇ ਆਧਾਰ ’ਤੇ ਆਈਪੀ ਬਿਜਲੀ ਕੁਨੈਕਸ਼ਨ ਦੇਣ ਦੀ ਮੰਗ ਕੀਤੀ ਗਈ।

Add a Comment

Your email address will not be published. Required fields are marked *