ਖਾਲਿਸਤਾਨ ਦੇ ਮੁੱਦੇ ’ਤੇ ਕੈਨੇਡਾ ਖ਼ਿਲਾਫ਼ ਭੜਕੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਖਾਲਿਸਤਾਨ ਦੇ ਮੁੱਦੇ ’ਤੇ ਕੈਨੇਡਾ ਦਾ ਜਵਾਬ ਉਸ ਦੀਆਂ ‘ਵੋਟ ਬੈਂਕ ਦੀਆਂ ਮਜਬੂਰੀਆਂ’ ਤੋਂ ਪ੍ਰੇਰਿਤ ਜਾਪਦਾ ਹੈ ਅਤੇ ਜੇਕਰ ਅਜਿਹੀਆਂ ਗਤੀਵਿਧੀਆਂ ਰਾਸ਼ਟਰੀ ਸੁਰੱਖਿਆ ਅਤੇ ਅਖੰਡਤਾ ਨੂੰ ਪ੍ਰਭਾਵਿਤ ਕਰਦੀਆਂ ਹਨ ਤਾਂ ਭਾਰਤ ਪ੍ਰਤੀਕਿਰਿਆ ਜ਼ਰੂਰ ਜ਼ਾਹਿਰ ਕਰੇਗਾ। ਇੱਥੇ ਇੰਡੀਆ ਇੰਟਰਨੈਸ਼ਨਲ ਸੈਂਟਰ ਵਿੱਚ ਇਕ ਸੈਸ਼ਨ ਵਿੱਚ ਜੈਸ਼ੰਕਰ ਨੇ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਨੇ ਪਿਛਲੇ ਕਈ ਸਾਲਾਂ ਵਿੱਚ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕੀਤਾ ਹੈ। ‘‘ਕੈਨੇਡਾ ਨੇ ਖਾਲਿਸਤਾਨ ਦੇ ਮੁੱਦੇ ਨਾਲ ਕਿਵੇਂ ਨਜਿੱਠਿਆ ਹੈ, ਇਹ ਸਾਡੇ ਲਈ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਰਿਹਾ ਹੈ ਕਿਉਂਕਿ ਇਹ ਸਪੱਸ਼ਟ ਤੌਰ ’ਤੇ ਵੋਟ ਬੈਂਕ ਦੀ ਸਿਆਸਤ ਤੋਂ ਪ੍ਰੇਰਿਤ ਹੈ।’’

ਉਨ੍ਹਾਂ ਕਿਹਾ ਕਿ ਕੈਨੇਡਾ ਨੂੰ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਕੈਨੇਡਾ ਵਿੱਚ ਅਜਿਹੀਆਂ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜੋ ਸਾਡੀ ਰਾਸ਼ਟਰੀ ਸੁਰੱਖਿਆ, ਖੇਤਰੀ ਅਖੰਡਤਾ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਕਰਦੀਆਂ ਹਨ, ਤਾਂ ਉਨ੍ਹਾਂ ਦਾ ਜਵਾਬ ਦਿੱਤਾ ਜਾਵੇਗਾ। ਪਾਕਿਸਤਾਨ ’ਤੇ ਹਮਲਾ ਕਰਦੇ ਹੋਏ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਸਾਰਕ (ਸਾਊਥ ਏਸ਼ੀਅਨ ਐਸੋਸੀਏਸ਼ਨ ਫਾਰ ਰੀਜਨਲ ਕੋਆਪਰੇਸ਼ਨ) ਦੀ ਬੈਠਕ ਉਦੋਂ ਤੱਕ ਆਯੋਜਿਤ ਨਹੀਂ ਕਰ ਸਕਦਾ, ਜਦੋਂ ਤੱਕ ਇਸ ਦਾ ਇਕ ਵੀ ਮੈਂਬਰ ਅੱਤਵਾਦ ਵਰਗੀਆਂ ਕਾਰਵਾਈਆਂ ’ਚ ਸ਼ਾਮਲ ਨਾ ਹੋਵੇ। ਉਨ੍ਹਾਂ ਕਿਹਾ ਕਿ ਭਾਰਤ ਅਜਿਹੀ ਸਥਿਤੀ ਨੂੰ ਬਰਦਾਸ਼ਤ ਨਹੀਂ ਕਰੇਗਾ, ਜਿੱਥੇ ‘‘ਰਾਤ ਨੂੰ ਅੱਤਵਾਦ ਚਲਦਾ ਹੈ ਅਤੇ ਦਿਨ ਨੂੰ ਕਾਰੋਬਾਰ।’’ ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕੁਝ ਮੁੱਦੇ ਹਨ ਅਤੇ ਹੁਣ ਉਨ੍ਹਾਂ ਮੁੱਦਿਆਂ ਦੀ ਗੰਭੀਰਤਾ ਨੂੰ ਪਛਾਣਨ ਦਾ ਸਮਾਂ ਆ ਗਿਆ ਹੈ ਅਤੇ ਰਾਤ ਨੂੰ ਅੱਤਵਾਦ ਅਤੇ ਦਿਨ ਦੇ ਕਾਰੋਬਾਰ ਦੀ ਆਗਿਆ ਨਹੀਂ ਹੋਣੀ ਚਾਹੀਦੀ। ਮੈਨੂੰ ਨਹੀਂ ਲੱਗਦਾ ਕਿ ਇਸ ਨਾਲ ਦੇਸ਼ ਦਾ ਕੋਈ ਭਲਾ ਹੋਵੇਗਾ।

Add a Comment

Your email address will not be published. Required fields are marked *