ਮੁੱਖ ਮੰਤਰੀ ਦਾ ਕੈਪਟਨ ਨੂੰ ਕਰਾਰਾ ਜਵਾਬ ‘ਤੁਹਾਡੀ ‘ਸਿਆਣਪ’ ਨੇ ਪੰਜਾਬ ਨੂੰ ਕੀਤਾ ਬਰਬਾਦ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਖੁਦ ਨੂੰ ਸਿਆਣੇ ਕਹਿਣ ਵਾਲੇ ਪਟਿਆਲੇ ਦੇ ਇਸ ਵਾਰਿਸ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ। ਇਥੇ ਜਾਰੀ ਬਿਆਨ ’ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਕੈਪਟਨ ਨੂੰ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਬਜਾਏ ਆਪਣੀ ਕੁਰਸੀ ਦੀ ਚਿੰਤਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਮਹਿਲਾਂ ’ਚ ਕੈਦ ਕਰ ਕੇ ਕੈਪਟਨ ਨੇ ਸੱਤਾ ’ਚ ਰਹਿੰਦਿਆਂ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਪਟਨ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਇਸ ਗੱਲ ਨੂੰ ਕਦੇ ਨਹੀਂ ਭੁੱਲ ਸਕਦਾ ਕਿ ਕੈਪਟਨ ਦੇ ਪੁਰਖਿਆਂ ਨੇ ਆਪਣੇ ਸਵਾਰਥਾਂ ਲਈ ਮੁਗਲਾਂ ਅਤੇ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ। ਉਨ੍ਹਾਂ ਨੇ ਬਰਤਾਨਵੀ ਸ਼ਾਸਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਲੜ ਰਹੇ ਦੇਸ਼ ਭਗਤਾਂ ’ਤੇ ਅਣਗਿਣਤ ਅੱਤਿਆਚਾਰ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੁਰਖਿਆਂ ਦੀ ਲੀਹ ’ਤੇ ਚੱਲਦਿਆਂ ਆਪਣੇ ਸਿਆਸੀ ਹਿੱਤਾਂ ਨੂੰ ਪੂਰਨ ਲਈ ਲੋੜ ਪੈਣ ’ਤੇ ਕਾਂਗਰਸ ਅਤੇ ਅਕਾਲੀਆਂ ਨਾਲ ਸਾਂਝ ਪਾਈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੋਣ ਦੇ ਬਾਵਜੂਦ ਕੈਪਟਨ ਨੇ ਹੁਣ ਇਕ ਵਾਰ ਫਿਰ ਪੰਜਾਬ ਅਤੇ ਕਿਸਾਨ ਵਿਰੋਧੀ ਭਗਵਾ ਪਾਰਟੀ ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਸੱਤਾ ਦੇ ਭੁੱਖੇ’ ਕੈਪਟਨ ਨੇ ਸਿਰਫ਼ ਸੱਤਾ ਦੀ ਖਾਤਿਰ ਹੀ ਪੱਖ ਬਦਲਿਆ ਹੈ, ਜੋ ਕਿ ਉਸ ਦੇ ਪੁਰਖਿਆਂ ਨੇ 1919 ’ਚ ਜਲਿਆਂਵਾਲਾ ਬਾਗ ਦੇ ਸਾਕੇ ਦੌਰਾਨ ਅੰਗਰੇਜ਼ਾਂ ਦਾ ਸਾਥ ਦੇ ਕੇ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਹੀ ਕਿਸਾਨਾਂ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਦੀ ਸਜ਼ਾ ਭੁਗਤ ਚੁੱਕੇ ਹਨ ਕਿਉਂਕਿ ਲੋਕਾਂ ਨੇ ਉਸ ਨੂੰ ਰਾਜ ਦੇ ਸਿਆਸੀ ਅਖਾੜੇ ਤੋਂ ਬੇਦਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ 2022 ਦੀਆਂ ਚੋਣਾਂ ’ਚ ਉਨ੍ਹਾਂ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਚੁੱਕੀਆਂ ਹਨ ਪਰ ਹੁਣ ਸਿਆਸੀ ਪਿੜ ’ਚ ਆਉਣ ਲਈ ਕੈਪਟਨ ਸੂਬੇ ’ਚ ਬੇਬੁਨਿਆਦ ਅਤੇ ਗੁੰਮਰਾਹ-ਕੁੰਨ ਬਿਆਨਬਾਜ਼ੀ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Add a Comment

Your email address will not be published. Required fields are marked *