ਨੀਦਰਲੈਂਡ-ਸਕੂਲਾਂ ‘ਚ ਮੋਬਾਈਲ-ਸਮਾਰਟ ਵਾਚ ‘ਤੇ ਲਾਈ ਪਾਬੰਦੀ

ਨੀਦਰਲੈਂਡ ਦੀ ਸਰਕਾਰ ਅਗਲੇ ਸਾਲ ਤੱਕ ਸਕੂਲਾਂ ਵਿੱਚ ਮੋਬਾਈਲ ਫੋਨ, ਟੈਬਲੇਟ ਅਤੇ ਸਮਾਰਟਵਾਚ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਚੀਜ਼ਾਂ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਕਾਵਟ ਬਣ ਰਹੀਆਂ ਹਨ, ਜਿਸ ਕਾਰਨ ਇਨ੍ਹਾਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਕੂਲ ਪ੍ਰਬੰਧਕਾਂ ਨੂੰ ਇਸ ਮਾਮਲੇ ਵਿੱਚ ਮਾਪਿਆਂ ਅਤੇ ਅਧਿਆਪਕਾਂ ਤੋਂ ਸਹਿਮਤੀ ਜੁਟਾਉਣ ਲਈ ਕਿਹਾ ਗਿਆ ਹੈ। ਨੀਦਰਲੈਂਡ ਸਰਕਾਰ ਨੇ ਕਿਹਾ ਕਿ ਪੜ੍ਹਾਈ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੀ ਹੈ ਅਤੇ ਇਸ ਦੇ ਨਤੀਜੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਯੰਤਰਾਂ ਕਾਰਨ ਵਿਦਿਆਰਥੀ ਘੱਟ ਧਿਆਨ ਕੇਂਦਰਿਤ ਕਰ ਪਾਉਂਦੇ ਹਨ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਪੈਂਦਾ ਹੈ। ਇਸ ਕਾਰਨ 1 ਜਨਵਰੀ, 2024 ਤੋਂ ਸਕੂਲਾਂ ਵਿੱਚ ਮੋਬਾਈਲ ਫੋਨ, ਸਮਾਰਟਵਾਚ ਅਤੇ ਟੈਬਲੇਟ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰ ਨੇ ਇਸ ਮਾਮਲੇ ‘ਤੇ ਸਹਿਮਤੀ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ।

ਡੱਚ ਸਿੱਖਿਆ ਮੰਤਰੀ ਰੌਬਰਟ ਡਿਕਗਰਾਫ ਨੇ ਦੱਸਿਆ ਕਿ ਇਹ ਫ਼ੈਸਲਾ ਸੱਭਿਆਚਾਰਕ ਤਬਦੀਲੀ ਲਿਆਵੇਗਾ। ਇਸ ਤੋਂ ਪਹਿਲਾਂ 2018 ਵਿੱਚ ਫਰਾਂਸ ਨੇ ਆਨਲਾਈਨ ਧੱਕੇਸ਼ਾਹੀ ਨੂੰ ਰੋਕਣ ਲਈ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਮੋਬਾਈਲ ਫੋਨਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਯੂਕੇ ਨੇ ਵੀ ਅਜਿਹੀ ਪਾਬੰਦੀ ਨੂੰ ਜਾਇਜ਼ ਠਹਿਰਾਇਆ ਸੀ। ਯੂਕੇ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਸਕੂਲਾਂ ਵਿੱਚ ਮੋਬਾਈਲ ਫੋਨ ਦੀ ਵਰਤੋਂ ‘ਤੇ ਪਹਿਲਾਂ ਹੀ ਪਾਬੰਦੀ ਹੈ।

Add a Comment

Your email address will not be published. Required fields are marked *