ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੀਆਂ ਵਧੀਆਂ ਮੁਸ਼ਕਲਾਂ

ਨਵੀਂ ਦਿੱਲੀ- ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੀ ਮੁਸ਼ਕਲ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਰਾਊਜ਼ ਐਵੇਨਿਊ ਅਦਾਲਤ ਨੇ 6 ਬਾਲਗ ਮਹਿਲਾ ਪਹਿਲਵਾਨਾਂ ਵੱਲੋਂ WFI ਦੇ ਸਾਬਕਾ ਚੇਅਰਮੈਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਸੰਮਨ ‘ਚ ਬ੍ਰਿਜ ਭੂਸ਼ਣ ਨੂੰ 18 ਜੁਲਾਈ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਦੋਸ਼ੀ ਭਾਜਪਾ ਸੰਸਦ ਮੈਂਬਰ ਤੋਂ ਇਲਾਵਾ ਅਦਾਲਤ ਨੇ ਵਿਨੋਦ ਤੋਮਰ ਨੂੰ ਵੀ 18 ਜੁਲਾਈ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ 6 ਬਾਲਗ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਐੱਫ.ਆਈ.ਆਰ. ਦਰਜ ਕਰਵਾਈ ਸੀ, ਜਿਸ ‘ਤੇ ਪੁਲਸ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਭਾਜਪਾ ਸੰਸਦ ਮੈਂਬਰ ਨੂੰ ਸੰਮਨ ਜਾਰੀ ਕੀਤਾ ਹੈ। ਪੁਲਸ ਨੇ ਆਪਣੀ ਚਾਰਜਸ਼ੀਟ ‘ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਆਈ.ਪੀ.ਸੀ ਦੀਆਂ ਧਾਰਾਵਾਂ 354, 354-ਏ ਅਤੇ 354 ਡੀ ਦੇ ਤਹਿਤ ਜਿਨਸੀ ਸ਼ੋਸ਼ਣ ਲਈ ਅਤੇ ਸਹਿ ਦੋਸ਼ੀ ਵਿਨੋਦ ਤੋਮਰ ‘ਤੇ ਆਈ.ਪੀ.ਸੀ. ਦੀਆਂ ਧਾਰਾਵਾਂ 109, 354, 354 (ਏ), 506 ਦੇ ਤਹਿਤ ਦੋਸ਼ ਲਗਾਏ ਹਨ।

Add a Comment

Your email address will not be published. Required fields are marked *