ਵ੍ਹੀਲ ਚੇਅਰ ’ਤੇ ਅਦਾਲਤ ’ਚ ਪੇਸ਼ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ
![](http://mehakewattan.com/wp-content/uploads/2023/07/download-4-1.jpg)
ਅੰਮ੍ਰਿਤਸਰ – ਕਾਂਗਰਸ ਸਰਕਾਰ ਦੌਰਾਨ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਵੀਲ੍ਹ ਚੇਅਰ ’ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਧਿਕਾਰੀ ਓ. ਪੀ. ਸੋਨੀ ਦੀ ਸਿਹਤ ਵਿਚ ਸੁਧਾਰ ਨੂੰ ਦੇਖਦੇ ਹੋਏ ਹਸਪਤਾਲ ਤੋਂ ਸਿੱਧਾ ਅਦਾਲਤ ਵਿਚ ਪੇਸ਼ੀ ਲਈ ਲਿਆਏ।
ਦੱਸਣਯੋਗ ਹੈ ਕਿ ਓ. ਪੀ. ਸੋਨੀ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 9 ਜੁਲਾਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੋਨੀ ਨੂੰ ਦੋ ਦਿਨਾਂ ਦੇ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਪੇਸ਼ੀ ’ਤੇ ਵੀ ਅਦਾਲਤ ਨੇ ਸੋਨੀ ਨੂੰ ਦੋ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ ਅਤੇ ਇਸ ਦੌਰਾਨ ਓ. ਪੀ. ਸੋਨੀ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਸੋਨੀ ਨੂੰ ਬਾਅਦ ਵਿਚ ਅਧਿਕਾਰੀਆਂ ਨੇ ਫੋਰਟਿਸ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਸੀ। ਸੋਨੀ ਦਿਲ ਦਾ ਰੋਗੀ ਹੈ ਅਤੇ ਉਨ੍ਹਾਂ ਨੂੰ ਪੇਸ ਮੇਕਰ ਲੱਗਾ ਹੋਇਆ ਹੈ। ਇਸ ਤੋਂ ਬਾਅਦ ਸੋਨੀ ਨੂੰ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਸੋਨੀ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)
ਦੇਰ ਸ਼ਾਮ ਓ.ਪੀ. ਸੋਨੀ ਦੀ ਸਿਹਤ ਦੇ ਮੱਦੇਨਜ਼ਰ ਇਕ ਮੈਡੀਕਲ ਸਪੈਸ਼ਲਿਸਟ, ਇਕ ਕਾਰਡੀਓਲੋਜਿਸਟ ਤੇ ਇਕ ਨਿਊਰੋ ਸਰਜਨ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਕੀਤਾ। ਮੈਡੀਕਲ ਉਪਰੰਤ ਓ.ਪੀ. ਸੋਨੀ ਦੀ ਸਿਹਤ ਨੂੰ ਵੇਖਦਿਆਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਹਸਪਤਾਲ ਵਿਚ ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਨਿਰੀਖਣ ਕਰ ਰਹੀ ਹੈ।