ਬਹਿਰਾਮਪੁਰ ਪਿੰਡ ’ਚ ਹੋਈ ਬੇਅਦਬੀ ਨੂੰ ਲੈ ਕੇ ਬੋਲੇ ਸਰਨਾ

ਨਵੀਂ ਦਿੱਲੀ : ਗੁਰਦਾਸਪੁਰ ਦੇ ਬਹਿਰਾਮਪੁਰ ਪਿੰਡ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਹੈ। ਜਿੱਥੇ ਇਕ ਪਾਸੇ ਪੰਜਾਬ ਹੜ੍ਹ ਕਾਰਨ ਅਵਿਵਸਥਾ ਦਾ ਸਾਹਮਣਾ ਕਰ ਰਿਹਾ ਹੈ, ਉਥੇ ਅਜਿਹੀ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਹੇ। ਸਰਨਾ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮੁਸ਼ਕਲ ਅਤੇ ਵਿਚਾਰਨਯੋਗ ਸਮਾਂ ਹੈ ਕਿਉਂਕਿ ਪੰਜਾਬ ਜਿਸ ਨੂੰ ਗੁਰੂਆਂ ਦੀ ਧਰਤੀ ਕਿਹਾ ਜਾਂਦਾ ਹੈ, ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।

ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਗੁਰਸਿੱਖਾਂ ਦੀ ਇਕ ਕਮੇਟੀ ਬਣਾਉਣ, ਜਿਹੜੀ ਇਹ ਯਕੀਨੀ ਬਣਾਏ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ, ਉਥੋਂ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹੋਣ। ਗੁਰੂਘਰ ਦੇ ਸਮੁੱਚੇ ਪ੍ਰਬੰਧ ਯਕੀਨੀ ਕਰਨ ਤੋਂ ਬਾਅਦ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ, ਜਿਸ ਵਿੱਚ ਮੁਲਜ਼ਮ ਨੂੰ ਉਮਰ ਕੈਦ ਦੀ ਸਜ਼ਾ ਮਿਲੇ ਅਤੇ 4-5 ਸਾਲ ਤੱਕ ਜ਼ਮਾਨਤ ਨਾ ਹੋਵੇ ਤਾਂ ਕਿ ਫਿਰ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ। ਸਰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨਾ ਬਹੁਤ ਚੰਗੀ ਗੱਲ ਹੈ ਅਤੇ ਕਮੇਟੀ ਨੇ ਜਲਦ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਵੀ ਗੱਲ ਕਹੀ ਹੈ ਪਰ ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਪਣਾ ਸੈਟੇਲਾਈਟ ਚੈਨਲ ਨਹੀਂ ਸ਼ੁਰੂ ਹੋ ਜਾਂਦਾ, ਉਦੋਂ ਤੱਕ ਕਮੇਟੀ ਆਪਣੇ ਯੂਟਿਊਬ ਚੈਨਲ ਦੇ ਨਾਲ-ਨਾਲ ਪੀ. ਟੀ. ਸੀ. ’ਤੇ ਵੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਜਾਰੀ ਰੱਖੇ।  

Add a Comment

Your email address will not be published. Required fields are marked *