ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ – ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਰੈਸਲਿੰਗ ਫੈਡਰੇਸ਼ਨ (ਡਬਲਯੂ.ਐੱਫ.ਆਈ.) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਇਸੇ ਮਾਮਲੇ ਵਿੱਚ ਫੈਡਰੇਸ਼ਨ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ।

ਅਦਾਲਤ ਨੇ ਅੱਜ ਦੁਪਹਿਰ 12:30 ਵਜੇ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕੀਤੀ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 25-25 ਹਜ਼ਾਰ ਰੁਪਏ ਦੇ ਜ਼ਮਾਨਤ ਮੁਚੱਲਕੇ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ। ਭੂਸ਼ਣ ਨੂੰ ਜ਼ਮਾਨਤ ਦੇਣ ਦੇ ਨਾਲ-ਨਾਲ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਈ ਸ਼ਰਤਾਂ ਵੀ ਲਗਾਈਆਂ ਅਤੇ ਕਿਹਾ ਕਿ ਦੋਸ਼ੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਿਕਾਇਤਕਰਤਾਵਾਂ ਜਾਂ ਗਵਾਹਾਂ ਨੂੰ ਉਕਸਾਉਣ ਦੀ ਕੋਸ਼ਿਸ਼ ਨਹੀਂ ਕਰਨਗੇ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡਣਗੇ। ਦੱਸ ਦੇਈਏ ਕਿ ਅਦਾਲਤ ਨੇ ਮੰਗਲਵਾਰ ਨੂੰ ਇਸ ਮਾਮਲੇ ‘ਚ ਪਹਿਲਾਂ ਹੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਇਕ ਹੋਰ ਦੋਸ਼ੀ ਵਿਨੋਦ ਤੋਮਰ ਨੂੰ ਦੋ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਅੱਜ ਫਿਰ ਇਸ ਕੇਸ ਦੀ ਸੁਣਵਾਈ ਹੋਈ ਅਤੇ ਫ਼ੈਸਲੇ ਨੂੰ ਸ਼ਾਮ 4 ਵਜੇ ਤੱਕ ਲਈ ਸੁਰੱਖਿਅਤ ਰੱਖ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਦਿੱਲੀ ਪੁਲਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਖਿਲਾਫ 15 ਜੂਨ ਨੂੰ ਚਾਰਜਸ਼ੀਟ ਦਾਖਲ ਕੀਤੀ ਸੀ। ਇਹ ਮਾਮਲਾ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਵਿਸ਼ੇਸ਼ ਸਰਕਾਰੀ ਵਕੀਲ ਅਤੁਲ ਸ੍ਰੀਵਾਸਤਵ ਦੇ ਅਨੁਸਾਰ ਆਈਪੀਸੀ ਦੀ ਧਾਰਾ 354, 354 ਡੀ, 345 ਏ ਅਤੇ 506 (1) ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ। 

Add a Comment

Your email address will not be published. Required fields are marked *