ਐੱਸਜੀਪੀਸੀ ਦਾ ਗੁਰਬਾਣੀ ਪ੍ਰਸਾਰਨ ਲਈ ਵੈੱਬ ਚੈਨਲ ਸ਼ੁਰੂ

ਅੰਮ੍ਰਿਤਸਰ, 23 ਜੁਲਾਈ– ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਆਪਣਾ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕੀਤੇ ਜਾਣ ਤੱਕ ਪੀਟੀਸੀ ਚੈਨਲ ਦੀ ਮਦਦ ਨਾਲ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਜਾਰੀ ਰੱਖਿਆ ਜਾਵੇਗਾ। ਵੈੱਬ ਚੈਨਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੈਪਟਾਪ ਰਾਹੀਂ ਲਾਂਚ ਕੀਤਾ। ਇਸ ਦੌਰਾਨ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਕੁਝ ਸਮੇਂ ਲਈ ਦਿਖਾਇਆ ਗਿਆ। ਇਹ ਚੈਨਲ ਭਲਕੇ 24 ਜੁਲਾਈ ਤੋਂ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਆਰੰਭ ਕਰੇਗਾ ਜੋ ਯੂਟਿਊਬ ਅਤੇ ਫੇਸਬੁੱਕ ’ਤੇ ਉਪਲੱਬਧ ਹੋਵੇਗਾ। ਚੈਨਲ ਦੀ ਸ਼ੁਰੂਆਤ ਗੁਰਮਤਿ ਰਵਾਇਤ ਅਨੁਸਾਰ ਅਖੰਡ ਪਾਠ ਦਾ ਭੋਗ ਪਾ ਕੇ ਕੀਤੀ ਗਈ। ਇਸ ਮਗਰੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਸ਼ੋਮਣੀ ਕਮੇਟੀ ਦੇ ਪ੍ਰਧਾਨ ਨੇ ਵੈੱਬ ਚੈਨਲ ਦੀ ਆਰੰਭਤਾ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੀ ਰਹਿਣਗੇ ਅਤੇ ਹੋਰ ਕੋਈ ਚੈਨਲ ਇਸ ਨੂੰ ਨਹੀਂ ਚਲਾ ਸਕੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਸੰਗਤ ਦੀ ਮੰਗ ਅਨੁਸਾਰ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਨ ਕਰਨ ਲਈ ਅਧਿਕ੍ਰਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਗੁਰਬਾਣੀ ਪ੍ਰਸਾਰਨ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਾਸਿਕ ਖ਼ਰਚੇ ਦਾ ਭੁਗਤਾਨ ਪੀਟੀਸੀ ਵੱਲੋਂ ਕੀਤਾ ਜਾਵੇਗਾ। ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਤਖ਼ਤਾਂ ਦੇ ਜਥੇਦਾਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿੱਚੋਂ ਬਾਹਰ ਰਹੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਚੈਨਲ ਸ਼ੁਰੂ ਹੋਣ ਲਈ ਸੰਗਤ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ ਮੌਜੂਦ ਸਨ।

Add a Comment

Your email address will not be published. Required fields are marked *