ਅੱਜ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ ਦਿੱਲੀ ਆਰਡੀਨੈਂਸ

ਨਵੀਂ ਦਿੱਲੀ- ਦਿੱਲੀ ਆਰਡੀਨੈਂਸ ਸੋਮਵਾਰ ਨੂੰ ਲੋਕ ਸਭਾ ਵਿਚ ਪੇਸ਼ ਨਹੀਂ ਹੋ ਸਕਿਆ ਸੀ। ਭਾਰੀ ਹੰਗਾਮੇ ਕਾਰਨ ਲੋਕ ਸਭਾ ਨੂੰ ਮੰਗਲਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਮੋਦੀ ਕੈਬਨਿਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਬਿੱਲ ਨੂੰ ਸੰਸਦ ਦੇ ਹੇਠਲੇ ਸਦਨ ਭਾਵ ਲੋਕ ਸਭਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਪੇਸ਼ ਕਰਨ ਵਾਲੇ ਸਨ ਪਰ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਇਸ ਨੂੰ ਪੇਸ਼ ਨਹੀਂ ਕੀਤਾ ਜਾ ਸਕਿਆ। ਐੱਨ. ਡੀ. ਏ. ਨੇ ਸਾਰੇ ਸੰਸਦ ਮੈਂਬਰਾਂ ਨੂੰ ਇਹ ਬਿੱਲ ਇਕ ਦਿਨ ਪਹਿਲਾਂ ਹੀ ਭੇਜ ਦਿੱਤਾ ਸੀ ਤਾਂ ਜੋ ਸੋਮਵਾਰ ਨੂੰ ਜਦੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਵੇ ਤਾਂ ਬਿੱਲ ਟੇਬਲ ’ਤੇ ਰੱਖਿਆ ਜਾਵੇਗਾ ਪਰ ਰੌਲੇ-ਰੱਪੇ ਕਾਰਨ ਲੋਕ ਸਭਾ ਮੁਲਤਵੀ ਹੋ ਗਈ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਮੰਗਲਵਾਰ ਯਾਨੀ ਅੱਜ ਲੋਕ ਸਭਾ ਵਿਚ ਇਸ ਬਿੱਲ ਨੂੰ ਰੱਖਿਆ ਜਾਵੇਗਾ। ਇਸ ਦੌਰਾਨ ਵੀ ਵਿਰੋਧੀ ਪਾਰਟੀਆਂ ਵਲੋਂ ਹੰਗਾਮੇ ਦੇ ਆਸਾਰ ਹਨ। ਲੋਕ ਸਭਾ ਵਿਚ ਹੰਗਾਮੇ ਦਰਮਿਆਨ ਹੀ ਸੋਧ ਬਿੱਲ, 2023 ਸਮੇਤ 3 ਬਿੱਲਾਂ ਨੂੰ ਧਵਨੀ ਮਤ ਨਾਲ ਪਾਸ ਕਰ ਦਿੱਤਾ ਗਿਆ।

ਓਧਰ, ਮਣੀਪੁਰ ਦੇ ਮੁੱਦੇ ’ਤੇ ਸਦਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਅਤੇ ਨਿਯਮ 267 ਤਹਿਤ ਚਰਚਾ ਕਰਵਾਏ ਜਾਣ ਦੀ ਮੰਗ ’ਤੇ ਅੜੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਸੋਮਵਾਰ ਨੂੰ ਵਾਰ-ਵਾਰ ਪ੍ਰਭਾਵਿਤ ਹੋਈ ਅਤੇ 4 ਵਾਰ ਦੀ ਮੁਲਤਵੀ ਤੋਂ ਬਾਅਦ ਦੁਪਹਿਰ 3.33 ਵਜੇ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਸਹਿਯੋਗੀਆਂ ਪਾਰਟੀਆਂ ਨੇ ਮਣੀਪੁਰ ਦੇ ਮੁੱਦੇ ’ਤੇ ਸੋਮਵਾਰ ਨੂੰ ਵੀ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਪ੍ਰਭਾਵਿਤ ਰਹਿਣ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਦੋਸ਼ ਲਾਇਆ ਕਿ ਪੂਰਬ-ਉੱਤਰ ਦੇ ਹਿੰਸਾ ਪ੍ਰਭਾਵਿਤ ਸੂਬੇ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਨਾਲ ਉਦਾਸੀਨ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ’ਤੇ ਸਦਨ ਦੇ ਅੰਦਰ ਜਵਾਬ ਦੇਣ ਤੋਂ ਭੱਜ ਰਹੇ ਹਨ।

Add a Comment

Your email address will not be published. Required fields are marked *