ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁੱਖਦਾਈ : ਐਡਵੋਕੇਟ ਧਾਮੀ

ਅੰਮ੍ਰਿਤਸਰ  : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿੱਥੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ, ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਅਤੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਸਿਧਾਂਤਕ ਪੁਰਸ਼ ਸਨ, ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਦੁਨੀਆ ‘ਚ ਫੈਲਾਉਣ ਲਈ ਹਮੇਸ਼ਾ ਸੰਜੀਦਾ ਪਹੁੰਚ ਅਪਣਾਈ। ਅਜਿਹੀ ਸ਼ਖ਼ਸੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਸਿੰਘ ਸਾਹਿਬ ਦੇ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੀਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਗਹਿਰਾ ਅਫਸੋਸ ਪ੍ਰਗਟਾਇਆ।

Add a Comment

Your email address will not be published. Required fields are marked *