ਅੱਧੀ ਰਾਤ ਨੂੰ ਪੰਜਾਬ ਪੁਲਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਬਠਿੰਡਾ –  ਬਠਿੰਡਾ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਪਹੁੰਚੀ ਪੰਜਾਬ ਪੁਲਸ ਦੀ ਟੀਮ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋ ਗਿਆ। ਜਾਣਕਾਰੀ ਮੁਤਾਬਕ ਸੂਚਨਾ ਦੇ ਆਧਾਰ ’ਤੇ ਸੀ. ਆਈ. ਏ.-2 ਦੀ ਪੁਲਸ ਟੀਮ ਐਤਵਾਰ ਅੱਧੀ ਰਾਤ ਨੂੰ ਧੋਬੀਆਣਾ ਬਸਤੀ ਵਿਖੇ ਨਸ਼ੇ ਵਾਲੇ ਪਦਾਰਥਾਂ ਦੀ ਬਰਾਮਦਗੀ ਲਈ ਪਹੁੰਚੀ ਤਾਂ ਸਮੱਗਲਰਾਂ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਕੇ ਇੰਸਪੈਕਟਰ ਸਮੇਤ ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਤੇ ਦੋ ਹੋਰ ਪੁਲਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਮੁਲਜ਼ਮਾਂ ਨੂੰ ਫੜਨ ਲਈ ਬਹਿਰਾਲ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਪੂਜਾ ਦੇਵੀ, ਸ਼ੀਲਾ ਦੇਵੀ ਅਤੇ ਸ਼ੰਕਰ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਬਾਕੀ ਮੁਲਜ਼ਮ ਭੱਜਣ ’ਚ ਕਾਮਯਾਬ ਹੋ ਗਏ।

ਪੁਲਸ ਨੇ ਸੀ. ਆਈ. ਏ.-2 ਦੇ ਇੰਚਾਰਜ ਇੰਸਪੈਕਟਰ ਕਰਨਵੀਰ ਸਿੰਘ ਅਤੇ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਰਜਨ ਭਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਸੀ. ਆਈ. ਏ. ਦੀ ਟੀਮ ਨਸ਼ਿਆਂ ਸਬੰਧੀ ਚੈਕਿੰਗ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਪੱਕੀ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਖੇਪ ਰਾਤ ਸਮੇਂ ਧੋਬੀਆਣਾ ਬਸਤੀ ’ਚ ਪੁੱਜ ਜਾਵੇਗੀ।

ਇਸ ਦੌਰਾਨ ਪੁਲਸ ਨੇ ਕਿੰਗਰ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ’ਚ ਸਵਾਰ ਅੱਧਾ ਦਰਜਨ ਵਿਅਕਤੀਆਂ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ, ਬੇਸਬਾਲ ਅਤੇ ਤਲਵਾਰਾਂ ਸਨ। ਜਦ ਪੁਲਸ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਪੂਜਾ ਦੇਵੀ, ਸ਼ੀਲਾ ਦੇਵੀ ਅਤੇ ਰਾਹੁਲ ਸਮੇਤ ਉਨ੍ਹਾਂ ਦੇ ਹੋਰ ਸਾਥੀਆਂ ਨੇ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਪੁਲਸ ’ਤੇ ਪਥਰਾਅ ਕੀਤਾ ਅਤੇ ਪੁਲਸ ਮੁਲਾਜ਼ਮਾਂ ਦੀਆਂ ਵਰਦੀਆਂ ਪਾੜ ਦਿੱਤੀਆਂ। ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਇੰਸਪੈਕਟਰ ਕਰਨਵੀਰ ਨੇ ਦੱਸਿਆ ਕਿ ਅਮਰਜੀਤ, ਕਮਲ, ਸ਼ੰਕਰ ਦਾਸ ਨੇ ਹਮਲਾ ਕੀਤਾ, ਜਦਕਿ ਤਿੰਨ ਹੋਰਾਂ ਨੇ ਉਨ੍ਹਾਂ ਦਾ ਸਾਥ ਦਿੱਤਾ। ਥਾਣਾ ਸਿਵਲ ਲਾਈਨ ਦੇ ਇੰਚਾਰਜ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ ਤੇ ਇਹ ਸਾਰੇ ਨਸ਼ਾ ਸਮੱਗਲਿੰਗ ਕਰਦੇ ਹਨ।

Add a Comment

Your email address will not be published. Required fields are marked *