ਭਗਵੰਤ ਮਾਨ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅੰਮ੍ਰਿਤਸਰ, 30 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ’ਚ ਭਰਤੀ 5714 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ’ਚ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਲਈ ਆਂਗਣਵਾੜੀ ਵਰਕਰਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ’ਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਇਸ ਦੌਰਾਨ ਭਗਵੰਤ ਮਾਨ ਨੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ’ਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਘੜਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਤਿਆਰ ਹੈ ਪਰ ਉਹ ਲੋਕਾਂ ਨੂੰ ਲੁੱਟਣ ਵਾਲਿਆਂ ਨੂੰ ਬਚਾਉਣ ਲਈ ਹੋ ਰਹੀ ਬਲੈਕਮੇਲਿੰਗ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਹੜਤਾਲ ਲਈ ਛੁੱਟੀ ’ਤੇ ਜਾਣ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਲਈ ਲਾਜ਼ਮੀ ਸੇਵਾਵਾਂ ਐਕਟ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਸ ਵਾਸਤੇ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਗਿਆ ਹੈ।

Add a Comment

Your email address will not be published. Required fields are marked *