ED ਨੇ Jet Airways ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕੈਨਰਾ ਬੈਂਕ ’ਚ 538 ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇੱਥੇ ਕੇਂਦਰੀ ਏਜੰਸੀ ਦੇ ਦਫ਼ਤਰ ’ਚ ਲੰਬੀ ਪੁੱਛ-ਪੜਤਾਲ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਗੋਇਲ (74) ਨੂੰ ਸ਼ਨੀਵਾਰ ਨੂੰ ਮੁੰਬਈ ਦੀ ਵਿਸ਼ੇਸ਼ ਪੀ. ਐੱਮ. ਐੱਲ. ਏ. ਅਦਾਲਤ ’ਚ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਕੈਨਰਾ ਬੈਂਕ ’ਚ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ’ਚ ਜੈੱਟ ਏਅਰਵੇਜ਼ ਗੋਇਲ, ਉਨ੍ਹਾਂ ਦੀ ਪਤਨੀ ਅਨੀਤਾ ਅਤੇ ਕੰਪਨੀ ਦੇ ਕੁਝ ਸਾਬਕਾ ਅਧਿਕਾਰੀਆਂ ਖਿਲਾਫ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਐੱਫ. ਆਈ. ਆਰ. ਤੋਂ ਮਨੀ ਲਾਂਡਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਬੈਂਕ ਦੀ ਸ਼ਿਕਾਇਤ ’ਤੇ ਇਹ ਐੱਫ.ਆਈ.ਆਰ. ਦਰਜ ਕੀਤੀ ਗਈ ਸੀ ਕਿ ਉਸ ਨੇ ਜੈੱਟ ਏਅਰਵੇਜ਼ (ਇੰਡੀਆ) ਲਿਮਟਿਡ (ਜੇ. ਆਈ. ਐੱਲ). ਨੂੰ 848.86 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਸੀ, ਜਿਸ ’ਚੋਂ 538.62 ਕਰੋੜ ਰੁਪਏ ਬਕਾਇਆ ਹਨ।

Add a Comment

Your email address will not be published. Required fields are marked *