ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਪਹੁੰਚੇ ਮਨਪ੍ਰੀਤ ਬਾਦਲ

ਚੰਡੀਗੜ੍ਹ : ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰੀ ਦੇ ਡਰੋਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਅਰਜ਼ੀ ‘ਚ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਅਗਾਊਂ ਜ਼ਮਾਨਤ ਦੀ ਅਰਜ਼ੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੀ ਵੀਡੀਓ ਵੀ ਨੱਥੀ ਕੀਤੀ ਗਈ ਹੈ, ਜਿਸ ਵਿੱਚ ਮਾਨ ਮਨਪ੍ਰੀਤ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕਰ ਰਹੇ ਹਨ।

ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਵੱਲੋਂ ਆਪਣਾ ਘਰ ਬਣਾਉਣ ਲਈ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ 1500 ਗਜ਼ ਦਾ ਪਲਾਟ ਖਰੀਦਣ ਦੇ ਮਾਮਲੇ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮਨਪ੍ਰੀਤ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਜਾਂਚ ਕੀਤੀ ਜਾ ਰਹੀ ਹੈ, ਜਦੋਂਕਿ ਬੀਡੀਏ ਵੱਲੋਂ ਇਸ ਪਲਾਟ ਦੀ ਨਿਲਾਮੀ ਲਈ 4 ਪ੍ਰਮੁੱਖ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਅਤੇ ਇੰਟਰਨੈੱਟ ਰਾਹੀਂ ਬੋਲੀ ਕਰਵਾਈ ਗਈ ਸੀ, ਜਿਸ ਵਿੱਚ ਕੋਈ ਵੀ ਹਿੱਸਾ ਲੈ ਸਕਦਾ ਸੀ।

ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਿਕਾਇਤ ਕੀਤੀ ਸੀ ਕਿ ਮਨਪ੍ਰੀਤ ਨੇ ਆਪਣਾ ਸਰਕਾਰੀ ਪ੍ਰਭਾਵ ਵਰਤ ਕੇ ਇਨ੍ਹਾਂ ਪਲਾਟਾਂ ਨੂੰ ਖ਼ਰੀਦ ਕੇ ਸਰਕਾਰੀ ਖ਼ਜ਼ਾਨੇ ਦਾ ਚੂਨਾ ਲਾਇਆ ਹੈ। ਦੱਸ ਦੇਈਏ ਕਿ ਜਿਸ ਸਮੇਂ ਇਹ ਸ਼ਿਕਾਇਤ ਹੋਈ ਸੀ, ਉਸ ਸਮੇਂ ਮਨਪ੍ਰੀਤ ਕਾਂਗਰਸ ਵਿੱਚ ਸੀ ਅਤੇ ਉਸ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼ਿਕਾਇਤਕਰਤਾ ਸਰੂਪ ਚੰਦ ਸਿੰਗਲਾ ਅਤੇ ਮਨਪ੍ਰੀਤ ਦੇ ਇਕੋ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਲੱਗਦਾ ਸੀ ਕਿ ਸਿੰਗਲਾ ਆਪਣੀ ਸ਼ਿਕਾਇਤ ਵਾਪਸ ਲੈ ਲੈਣਗੇ ਪਰ ਉਨ੍ਹਾਂ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

Add a Comment

Your email address will not be published. Required fields are marked *