ਦੇਸ਼ ਵਿਰੋਧੀਆਂ ਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।

ਸੂਬੇ ਦੇ ਸਮੂਹ 28 ਪੁਲਸ ਜ਼ਿਲ੍ਹਿਆਂ ਵਿਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ। ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਵੀ ਲਿਆ ਹੈ।

Add a Comment

Your email address will not be published. Required fields are marked *