ਕਾਂਗਰਸ ‘ਚ ਘਰ ਵਾਪਸੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ: ਕੁੱਝ ਚਿਰ ਪਹਿਲਾਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਤੇ ਕੁੱਝ ਹੋਰ ਆਗੂਆਂ ਵੱਲੋਂ ਬੀਤੇ ਦਿਨੀਂ ਕਾਂਗਰਸ ‘ਚ ਘਰ ਵਾਪਸੀ ਕਰ ਲਈ ਗਈ। ਇਸ ਦੇ ਨਾਲ ਹੀ ਇਹ ਖ਼ਬਰਾਂ ਵੀ ਸਾਹਮਣੇ ਆਉਣ ਲੱਗ ਪਈਆਂ ਕਿ ਕੈਪਟਨ ਅਮਰਿੰਦਰ ਸਿੰਘ ਵੀ ਭਾਰਤੀ ਜਨਤਾ ਪਾਰਟੀ ਛੱਡ ਕੇ ਕਾਂਗਰਸ ਵਿਚ ਵਾਪਸ ਜਾ ਸਕਦੇ ਹਨ। ਹੁਣ ਇਸ ਵਿਚਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿਚ ਮੁੜ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਦੇ ਕੁਝ ਆਗੂ ਕਾਂਗਰਸ ਵਿਚ ਸ਼ਾਮਲ ਹੋਏ ਹਨ ਪਰ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਬਹੁਤ ਸੋਚ ਸਮਝ ਕੇ ਲਿਆ ਸੀ। ਮੈਂ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਮੁਖੀ ਜੇਪੀ ਨੱਡਾ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਨਾ ਜਾਰੀ ਰੱਖਾਂਗਾ। ਆਉਣ ਵਾਲੀਆਂ ਚੋਣਾਂ ਵਿਚ ਮੈਂ ਪੰਜਾਬ ਅਤੇ ਹੋਰ ਰਾਜਾਂ ਵਿਚ ਭਾਜਪਾ ਲਈ ਪ੍ਰਚਾਰ ਕਰਾਂਗਾ।

ਕੈਪਟਨ ਨੇ ਕਿਹਾ ਕਿ ਪਹਿਲਾਂ ਜਦੋਂ ਮੈਂ ਕਾਂਗਰਸ ‘ਚ ਵੀ ਸੀ ਤਾਂ ਮੈਂ ਕਦੇ ਵੀ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਸੀ ਹਟਿਆ। ਮੈਂ ਸਿਧਾਂਤਾਂ ਅਤੇ ਮੁੱਦਿਆਂ ਦੀ ਰਾਜਨੀਤੀ ਕਰਦਿਆਂ ਕਾਂਗਰਸ ਨੂੰ ਸਿਰਫ਼ ਇਕ ਵਾਰ ਛੱਡਿਆ ਸੀ ਕਿਉਂਕਿ ਉਸ ਸਮੇਂ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਦਰਬਾਰ ਸਾਹਿਬ ਵਿਚ ਫ਼ੌਜ ਭੇਜੀ ਸੀ। ਮੇਰੀ ਜ਼ਿੰਦਗੀ ਦਾ ਅਸੂਲ ਹੈ ਕਿ ਮੈਂ ਕਦੇ ਵੀ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਦਾ। ਕੈਪਟਨ ਨੇ ਕਿਹਾ ਕਿ ਮੈਂ ਇਕ ਵਾਰ ਕੋਈ ਫੈਸਲਾ ਲੈਂਦਾ ਹਾਂ ਤਾਂ ਅੰਤ ਤੱਕ ਉਸ ‘ਤੇ ਕਾਇਮ ਰਹਿੰਦਾ ਹਾਂ। ਭਾਜਪਾ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Add a Comment

Your email address will not be published. Required fields are marked *