ਹਾਈ ਕੋਰਟ ਵੱਲੋਂ ਘਰ ਘਰ ਆਟਾ ਵੰਡਣ ਦੀ ਯੋਜਨਾ ’ਤੇ ਰੋਕ

ਚੰਡੀਗੜ੍ਹ, 13 ਸਤੰਬਰ– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲੀ ਅਕਤੂਬਰ ਤੋਂ ਸੂਬੇ ਵਿੱਚ ਸ਼ੁਰੂ ਹੋਣ ਵਾਲੀ ਘਰ ਘਰ ਆਟਾ ਵੰਡਣ ਦੀ ਯੋਜਨਾ ’ਤੇ ਰੋਕ ਲਗਾ ਦਿੱਤੀ ਹੈ। ‘ਆਪ’ ਸਰਕਾਰ ਲਈ ਇਹ ਵੱਡਾ ਝਟਕਾ ਹੈ ਜਿਸ ਵੱਲੋਂ ਇਸ ਯੋਜਨਾ ਨੂੰ ਜ਼ੋਰ-ਸ਼ੋਰ ਨਾਲ ਪ੍ਰਚਾਰਿਆ ਜਾ ਰਿਹਾ ਸੀ। ਪੰਜਾਬ ਕੈਬਨਿਟ ਵੱਲੋਂ 3 ਮਈ ਨੂੰ ਇਸ ਯੋਜਨਾ ਨੂੰ ਹਰੀ ਝੰਡੀ ਦਿੱਤੀ ਗਈ ਸੀ। ਮਾਰਕਫੈੱਡ ਨੂੰ ਇਸ ਯੋਜਨਾ ਲਈ ਨੋਡਲ ਏਜੰਸੀ ਬਣਾਇਆ ਗਿਆ ਸੀ ਅਤੇ ਹੋਮ ਡਲਿਵਰੀ ਲਈ ਟੈਂਡਰ ਆਦਿ ਦਾ ਕੰਮ ਚੱਲ ਰਿਹਾ ਸੀ।

ਐੱਨਐੱਫਐੱਸਏ ਡਿੱਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਸ ਮਗਰੋਂ ਡਿੱਪੂ ਹੋਲਡਰ ਫੈਡਰੇਸ਼ਨ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਆਦਿ ਨੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜਸਟਿਸ ਵਿਕਾਸ ਸੂਰੀ ਨੇ ਰਿੱਟ ਪਟੀਸ਼ਨ ਸੀਡਬਲਿਊਪੀ 18912 ਆਫ 2022 ’ਤੇ ਸੁਣਵਾਈ ਕਰਦਿਆਂ ਇਹ ਨਿਰਦੇਸ਼ ਜਾਰੀ ਕੀਤੇ ਹਨ। ਪਤਾ ਲੱਗਾ ਹੈ ਕਿ ਕੌਮੀ ਖੁਰਾਕ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਤਕਨੀਕੀ ਆਧਾਰ ਤੇ ਵਿੱਤੀ ਬੋਝ ਦੇ ਨਜ਼ਰੀਏ ਤੋਂ ਨਵੀਂ ਯੋਜਨਾ ’ਤੇ ਰੋਕ ਲੱਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 28 ਸਤੰਬਰ ’ਤੇ ਰੱਖੀ ਗਈ ਹੈ ਜਿਸ ਮੌਕੇ ਇਸ ਰੋਕ ਬਾਰੇ ਬਹਿਸ ਹੋਵੇਗੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਚ ਨੋਟਿਸ ਵੀ ਜਾਰੀ ਕੀਤਾ ਹੈ।

Add a Comment

Your email address will not be published. Required fields are marked *