‘ਆਪ’ ਸਰਕਾਰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਚੀਮਾ

ਚੰਡੀਗੜ੍ਹ, 13 ਸਤੰਬਰ– ਆਮ ਆਦਮੀ ਪਾਰਟੀ ਨੇ ਅੱਜ ਭਾਰਤੀ ਜਨਤਾ ਪਾਰਟੀ ’ਤੇ ਦੋਸ਼ ਲਗਾਇਆ ਕਿ ਉਹ ਦਿੱਲੀ ਤੋਂ ਬਾਅਦ ਹੁਣ ਪੰਜਾਬ ’ਚ ‘ਆਪ’ ਦੀ ਸਰਕਾਰ ਡੇਗਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ‘ਆਪ’ ਦੇ 10 ਵਿਧਾਇਕਾਂ ਨਾਲ ਸੰਪਰਕ ਕਰਕੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਮੰਤਰੀ ਬਨਾਉਣ ਤੇ ਹੋਰ ਵੀ ਕਈ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ’ਤੇ ਦਬਾਅ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਦਾ ਡਰਾਵਾ ਦਿੱਤਾ ਜਾ ਰਿਹਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ‘ਅਪਰੇਸ਼ਨ ਲੋਟਸ’ ਤਹਿਤ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਤੇ ਪੈਸੇ ਦੇ ਜ਼ੋਰ ’ਤੇ ਗੋਆ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਸਰਕਾਰਾਂ ਡੇਗ ਦਿੱਤੀਆਂ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਉਸ ਤੋਂ ਬਾਅਦ ਹੁਣ ਪੰਜਾਬ ਵਿੱਚ 92 ਵਿਧਾਇਕਾਂ ਦੇ ਬਹੁਮਤ ਵਾਲੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 25-25 ਕਰੋੜ ਰੁਪਏ ਇਕੱਲੇ ਵਿਧਾਇਕ ਨੂੰ ਅਤੇ 3-4 ਵਿਧਾਇਕ ਨਾਲ ਲਿਆਉਣ ਵਾਲੇ ਵਿਧਾਇਕ ਨੂੰ 50 ਤੋਂ 70 ਕਰੋੜ ਰੁਪਏ ਤੱਕ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ‘ਆਪ’ ਵਿਧਾਇਕਾਂ ਕੋਲ ਸਾਰੀਆਂ ਰਿਕਾਰਡਿੰਗਾਂ ਅਤੇ ਹੋਰ ਸਬੂਤ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ’ਚ ਸਰਕਾਰ ਬਨਾਉਣ ਲਈ ‘ਆਪ’ ਦੇ 35 ਵਿਧਾਇਕਾਂ ਦੀ ਲੋੜ ਹੈ ਜਦਕਿ ਰਹਿੰਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਪਹਿਲਾਂ ਹੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਬਜ਼ ਮੋਦੀ ਸਰਕਾਰ ਕੋਲ ਪੰਜਾਬ ਦੀ ਆਰਥਿਕ ਮਦਦ ਕਰਨ ਲਈ ਇਕ ਪੈਸਾ ਵੀ ਨਹੀਂ ਹੈ ਪਰ ਪੰਜਾਬ ਦੇ ਵਿਧਾਇਕ ਖਰੀਦਣ ਲਈ 1375 ਕਰੋੜ ਰੁਪਏ ਦਾ ਕਾਲਾ ਧਨ ਹੈ। ਇਹ ਧਨ ਕਿੱਥੋਂ ਆਇਆ ਹੈ ਅਤੇ ਕਿੱਥੇ ਪਿਆ ਹੈ, ਉਸ ਦੀ ਜਾਂਚ ਕਰਵਾਉਣ ਦੀ ਲੋੜ ਹੈ। ‘ਆਪ’ ਆਗੂ ਨੇ ਕਿਹਾ ਕਿ ਪਹਿਲਾਂ ਭਾਜਪਾ ਨੇ ਪਹਿਲਾਂ ਦਿੱਲੀ ਵਿੱਚ 800 ਕਰੋੜ ਰੁਪਏ ਖਰਚ ਕੇ ‘ਆਪ’ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕੀਤੀ ਹੁਣ ਪੰਜਾਬ ਵਿੱਚ 1375 ਕਰੋੜ ਰੁਪਏ ਖਰਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਉਹ ਉਕਤ ਮਾਮਲੇ ਸਬੰਧੀ ਕਾਨੂੰਨੀ ਸਲਾਹ ਲੈ ਰਹੇ ਹਨ ਤਾਂ ਜੋ ਭਾਜਪਾ ਆਗੂਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ‘ਆਪ’ ਦਾ ਕੋਈ ਵੀ ਵਿਧਾਇਕ ਵਿਕਾਊ ਨਹੀਂ ਹੈ ਅਤੇ ਨਾ ਹੀ ਭਾਜਪਾ ਦੀਆਂ ਗੱਲਾਂ ’ਚ ਆਉਣਗੇ।

ਚੀਮਾ ਦੋਸ਼ਾਂ ਦੇ ਸਬੂਤ ਪੇਸ਼ ਕਰਨ: ਅਸ਼ਵਨੀ ਸ਼ਰਮਾ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਪਾਲ ਚੀਮਾ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦੋਸ਼ਾਂ ਵਿੱਚ ਕੋਈ ਸਚਾਈ ਹੈ ਤਾਂ ਸਬੂਤ ਜਨਤਾ ਦੇ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਚੀਮਾ ਦਾ ਬਿਆਨ ਆਮ ਆਦਮੀ ਪਾਰਟੀ ਦੀ ਬੁਖਲਾਹਟ ਦਾ ਨਤੀਜਾ ਹੈ। ਦਿੱਲੀ ਵਿੱਚ ‘ਆਪ’ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਣ ਅਤੇ ‘ਆਪ’ ਆਗੂਆਂ ਦੇ ਜੇਲ੍ਹ ਜਾਣ ਕਾਰਨ ਇਹ ਸਭ ਦਹਿਸ਼ਤ ਵਿੱਚ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਦਿੱਲੀ ਵਿੱਚ ਪਹਿਲਾਂ ਆਬਕਾਰੀ ਘੁਟਾਲਾ ਸਾਹਮਣੇ ਆਇਆ, ਫਿਰ ਸਕੂਲ ਘੁਟਾਲਾ, ਫਿਰ ਬੱਸ ਖਰੀਦ ਘੁਟਾਲਾ ਅਤੇ ਪਤਾ ਨਹੀਂ ਹੁਣ ਹੋਰ ਕਿਹੜੇ-ਕਿਹੜੇ ਘੁਟਾਲਿਆਂ ਦਾ ਪਰਦਾਫਾਸ਼ ਹੋਣਾ ਬਾਕੀ ਹੈ। ਦਿੱਲੀ ਦੇ ਆਬਕਾਰੀ ਘੁਟਾਲੇ ਦਾ ਸੇਕ ਪੰਜਾਬ ਤੱਕ ਵੀ ਪਹੁੰਚ ਗਿਆ ਹੈ, ਜਿਸ ਕਾਰਨ ‘ਆਪ’ ਆਗੂ ਬੁਖਲਾ ਗਏ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਸਾਹਮਣੇ ਝੂਠ ਬੋਲ ਕੇ ਧਿਆਨ ਭਟਕਾਉਣ ਦੀ ਕੋਸ਼ਿਸ਼ ਨਾ ਕਰੋ।

Add a Comment

Your email address will not be published. Required fields are marked *