ਕਾਂਗਰਸ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਦੇ ਮਾਮਲੇ ’ਤੇ ਕੇਂਦਰ ਨੂੰ ਘੇਰਿਆ

ਨਵੀਂ ਦਿੱਲੀ, 19 ਅਕਤੂਬਰਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਬਾਰੇ ‘ਚੁੱਪੀ’ ‘ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ 150 ਰੁਪਏ ਵਧਾ ਦਿੱਤਾ ਹੈ ਕਿਉਂਕਿ ਇਸ ਦਾ ਸਟਾਕ ਖਤਮ ਹੋ ਰਿਹਾ ਹੈ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਹਿੰਦੀ ਵਿੱਚ X ਉੱਤੇ ਇੱਕ ਪੋਸਟ ਵਿੱਚ ਕਿਹਾ, ‘‘ਦਰਅਸਲ, ਸੱਚਾਈ ਇਹ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੋਵੇ। ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਇਸ ਤੋਂ ਪਹਿਲਾਂ ਵੀ ਹੋਇਆ ਹੈ ਅਤੇ ਇਸ ਤੋਂ ਵੀ ਕਿਤੇ ਵੱਧ ਹੋਇਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਵੀ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 119 ਫੀਸਦੀ ਵਧਿਆ ਸੀ ਜਦਕਿ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਇਹ ਸਿਰਫ 57 ਫੀਸਦੀ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ, ਜੋ ਕਿ ਇੱਕ ਲੋੜ ਹੈ, ਨੂੰ ਵੀ ਪ੍ਰਧਾਨ ਮੰਤਰੀ ਵੱਲੋਂ ‘ਮਿਹਰਬਾਨੀ’ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਮੋਰਚੇ ਦੀ ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਦਾ ਕੀ ਹੋਇਆ। 

Add a Comment

Your email address will not be published. Required fields are marked *