ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
![](http://mehakewattan.com/wp-content/uploads/2023/10/2022_11image_20_54_005270407vigilancebureau-ll-1.jpg)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲ੍ਹੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ। ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ‘ਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।