ਮੁੱਖ ਮੰਤਰੀ- ਦੁਸਹਿਰੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਲਓ ਸੰਕਲਪ

ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਤਿਉਹਾਰ ਨੂੰ ਮਨਾਉਣ ਲਈ ਇੱਥੇ ਡੇਢ ਲੱਖ ਤੋਂ ਵੱਧ ਲੋਕ ਇਕੱਠੇ ਹੋਏ ਹਨ। ਸੀਐੱਮ ਮਾਨ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਿਉਹਾਰ ਨੂੰ ਹੋਰ ਵੱਡੇ ਪੱਧਰ ‘ਤੇ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਵਜੋਂ ਜਾਣੇ ਜਾਂਦੇ ਸਥਾਨ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਬਣਾਉਣਾ ਚਾਹੀਦਾ ਹੈ, ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਨਿਰਮਾਣ ਅਧੀਨ ਮੈਡੀਕਲ ਕਾਲਜ ਆਉਣ ਵਾਲੇ ਸਾਲ ਤੋਂ ਚਾਲੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਅਸਲ ਮੁੱਖ ਮਹਿਮਾਨ ਭਗਵਾਨ ਰਾਮ ਹਨ, ਜਿਨ੍ਹਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਆਸ਼ੀਰਵਾਦ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ’ਚ ਮਸ਼ਹੂਰ ਹੁਸ਼ਿਆਰਪੁਰ ਦੇ ਦੁਸਹਿਰੇ ਦਾ ਹਿੱਸਾ ਬਣਨਾ ਬੜੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਹੁਸ਼ਿਆਰਪੁਰ ਸ਼ਹਿਰ ‘ਚ ਇਕਜੁੱਟ ਹੋ ਕੇ ਲੋਕਾਂ ਵੱਲੋਂ ਇਕੋ ਹੀ ਦੁਸਹਿਰਾ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਅਡੋਲ ਰਹਿਣ, ਆਪਣੇ ਗੁੱਸੇ ’ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ ਹੈ। ਇਹ ਤਿੰਨੇ ਕਾਰਕ ਸਭ ਤੋਂ ਬੁੱਧੀਮਾਨ ਵਿਅਕਤੀ ਲਈ ਵੀ ਪਤਨ ਦਾ ਕਾਰਨ ਬਣਦੇ ਹਨ। ਮਾਨ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਅਤੇ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।

Add a Comment

Your email address will not be published. Required fields are marked *