ਕੱਟੜਪੰਥੀਆਂ ਨੇ ਟੋਰਾਂਟੋ ਦੇ ਹਿੰਦੂ ਸਵਾਮੀਨਾਰਾਇਣ ਮੰਦਿਰ ‘ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ

ਟੋਰਾਂਟੋ – ਕੈਨੇਡੀਅਨ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਇਕ ਪ੍ਰਮੁੱਖ ਹਿੰਦੂ ਮੰਦਿਰ ‘ਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਲਿਖ ਕੇ ਉਸ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਨੇ ਇਸ ਘਟਨਾ ਨੂੰ ਨਫ਼ਰਤੀ ਅਪਰਾਧ ਕਰਾਰ ਦਿੰਦੇ ਹੋਏ ਕੈਨੇਡੀਅਨ ਅਧਿਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਟੋਰਾਂਟੋ ਦੇ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਿਰ ਵਿੱਚ ਇਹ ਘਟਨਾ ਕਦੋਂ ਵਾਪਰੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਟੋਰਾਂਟੋ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਟਵੀਟ ਕੀਤਾ, “ਅਸੀਂ ਟੋਰਾਂਟੋ ਵਿੱਚ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਿਰ ਨੂੰ ਭਾਰਤ ਵਿਰੋਧੀ ਨਾਅਰੇਬਾਜ਼ੀ ਨਾਲ ਬੇਅਦਬੀ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦੇ ਹਾਂ। ਕੈਨੇਡੀਅਨ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।”

ਉਥੇ ਹੀ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵਿੱਟਰ ‘ਤੇ ਕਿਹਾ, ‘ਕੈਨੇਡਾ ਦੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਬੀ.ਏ.ਪੀ.ਐੱਸ. ਸ਼੍ਰੀ ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਦੀ ਘਟਨਾ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਇਹ ਸਿਰਫ਼ ਇੱਕ ਘਟਨਾ ਨਹੀਂ ਹੈ। ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਹਾਲ ਹੀ ਵਿੱਚ ਕਈ ਅਜਿਹੇ ਨਫ਼ਰਤੀ ਅਪਰਾਧਾਂ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਘਟਨਾਵਾਂ ਬਾਰੇ ਕੈਨੇਡਾ ਵਿਚ ਹਿੰਦੂਆਂ ਦੀਆਂ ਚਿੰਤਾਵਾਂ ਜਾਇਜ਼ ਹਨ।”

ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਵੀ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਟੋਰਾਂਟੋ ਵਿੱਚ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਤੋਂ ਬਹੁਤ ਦੁਖੀ ਹਾਂ। ਅਸੀਂ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਵਿਸ਼ਵਾਸੀ ਭਾਈਚਾਰੇ ਵਿੱਚ ਰਹਿੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ। ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਜਾ ਸਕੇ। 

Add a Comment

Your email address will not be published. Required fields are marked *