ਰਾਘਵ ਚੱਢਾ ਦਾ ਦਾਅਵਾ, ਜਲਦ ਹੋ ਸਕਦੀ ਹੈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦਾ ਯੋਜਨਾ ਬਣਾ ਰਹੀ ਹੈ। ਰਾਜ ਸਭਾ ਮੈਂਬਰ ਤੇ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਵਿਰੋਧੀ ਗਠਜੋੜ ‘ਇੰਡੀਆ’ ਦੇ ਚੋਟੀ ਦੇ ਨੇਤਾਵਾਂ ਨੂੰ 2024 ਦੀਆਂ ਤੋਂ ਚੋਣਾਂ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ ਤੇ ਕੇਜਰੀਵਾਲ ਇਸ ਕੜੀ ਵਿਚ ਗ੍ਰਿਫ਼ਤਾਰ ਹੋਣ ਵਾਲੇ ਪਹਿਲੇ ਆਗੂ ਹੋਣਗੇ।

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਲੈ ਕੇ ਹੁਣ ਤਕ ਜਾਂਚ ਏਜੰਸੀਆਂ ਨੇ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ 95 ਫ਼ੀਸਦੀ ਕੇਸ ਦਰਜ ਕੀਤੇ ਹਨ। ਉਨ੍ਹਾਂ ਕਿਹਾ, ” ‘ਇੰਡੀਆ’ ਗਠਜੋੜ ਦੇ ਗਠਨ ਤੋਂ ਬਾਅਦ ਭਾਜਪਾ ਮੁਸੀਬਤ ‘ਚ ਹੈ। ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ (ਭਾਜਪਾ) ਨੇ ‘ਇੰਡੀਆ’ ਗਠਜੋੜ ਦੇ ਚੋਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਹੈ। ਇਸ ਸਕੀਮ ਤਹਿਤ ਪਹਿਲੀ ਗ੍ਰਿਫ਼ਤਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੋਵੇਗੀ। ਚੱਢਾ ਨੇ ਕਿਹਾ, ”ਭਾਜਪਾ ਜਾਣਦੀ ਹੈ ਕਿ ਉਹ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਹਾਰ ਰਹੀ ਹੈ। ਇਸ ਲਈ ਉਹ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ‘ਆਪ’ ਚੋਣਾਂ ਨਾ ਲੜ ਸਕੇ।

ਰਾਘਵ ਚੱਢਾ ਨੇ ਇਕ ਸੂਚੀ ਸਾਂਝੀ ਕੀਤੀ ਹੈ, ਜਿਸ ਵਿਚ ਜਾਂਚ ਏਜੰਸੀਆਂ ਦੁਆਰਾ ਨਿਸ਼ਾਨਾ ਬਣਾਏ ਜਾਣ ਵਾਲੇ ਲੋਕਾਂ ਦੇ ਨਾਮ ਸ਼ਾਮਲ ਹਨ। ਉਨ੍ਹਾਂ ਕਿਹਾ “ਕੇਜਰੀਵਾਲ ਤੋਂ ਬਾਅਦ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਫਿਰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।” ਇਨ੍ਹਾਂ ਆਗੂਆਂ ਤੋਂ ਬਾਅਦ ਉਹ (ਭਾਜਪਾ) ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਫਿਰ ਮਹਾਰਾਸ਼ਟਰ ਦੀ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਚੋਟੀ ਦੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨਗੇ।” ਰਾਘਵ ਦੇ ਦੋਸ਼ਾਂ ‘ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Add a Comment

Your email address will not be published. Required fields are marked *