ਪੰਜਾਬੀ ਰੋਕਣਗੇ ਭਾਜਪਾ ਦਾ ਅਪਰੇਸ਼ਨ ਲੋਟਸ: ਭਗਵੰਤ ਮਾਨ

ਚੰਡੀਗੜ੍ਹ, 14 ਸਤੰਬਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵੱਲੋਂ ‘ਅਪਰੇਸ਼ਨ ਲੋਟਸ’ ਤਹਿਤ ਪੰਜਾਬ ਵਿੱਚ ‘ਆਪ’ ਦੀ ਸਰਕਾਰ ਡੇਗਣ ਤੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੀ ਅਲੋਚਨਾ ਕੀਤੀ ਹੈ। ਇਕ ਵੀਡੀਓ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਨੂੰ ਦੁਨੀਆਂ ਦਾ ਲੋਕਤੰਤਰਿਕ ਦੇਸ਼ ਕਿਹਾ ਜਾਂਦਾ ਹੈ ਪਰ ਪਿਛਲੇ ਕੁਝ ਸਮੇਂ ਵਿੱਚ ਸਭ ਤੋਂ ਵੱਧ ਲੋਕਤੰਤਰ ਦੀ ਹੱਤਿਆ ਭਾਰਤ ਵਿੱਚ ਹੀ ਹੋਈ ਹੈ। ਜਿੱਥੇ ਕਈ ਸੂਬਿਆਂ ਵਿੱਚ ਵਿਧਾਇਕਾਂ ਨੂੰ ਡਰਾ-ਧਮਕਾ ਕੇ ਜਾਂ ਖਰੀਦ ਕੇ ਸਰਕਾਰਾਂ ਤੋੜੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੂਰੇ ਦੇਸ਼ ਵਿੱਚ ‘ਅਪਰੇਸ਼ਨ ਲੋਟਸ’ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਹੀ ਰੋਕਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ‘ਅਪਰੇਸ਼ਨ ਲੋਟਸ’ ਤਹਿਤ ਦਿੱਲੀ ਵਿੱਚ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਸ੍ਰੀ ਮਾਨ ਨੇ ਕਿਹਾ ਕਿ ਭਾਜਪਾ ਨੇ ਹੁਣ ਦਿੱਲੀ ਤੋਂ ਬਾਅਦ ‘ਅਪਰੇਸ਼ਨ ਲੋਟਸ’ ਪੰਜਾਬ ਵਿੱਚ ਚਲਾਉਣ ਦੀ ਕੋਸ਼ਿਸ਼ ਕਰਦਿਆਂ ‘ਆਪ’ ਵਿਧਾਇਕਾਂ ਨਾਲ ਸੰਪਰਕ ਕਰ ਕੇ ਹਾਈਕਮਾਂਡ ਨਾਲ ਗੱਲ ਕਰਵਾਉਣ ਜਾਂ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਪੰਜਾਬ ਵਿੱਚ ‘ਆਪ’ ਦੇ ਵਿਧਾਇਕ ਮਿੱਟੀ ਦੇ ਵਫ਼ਾਦਾਰ ਹਨ, ਜਿਨ੍ਹਾਂ ਨੇ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾ ਕੇ ‘ਅਪਰੇਸ਼ਨ ਲੋਟਸ’ ਨੂੰ ਬਰੇਕ ਲਗਾ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਭਾਜਪਾ ਤੋਂ ‘ਆਪ’ ਦੀ ਲੋਕ ਪ੍ਰਿਅਤਾ ਬਰਦਾਸ਼ਤ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪੰਜਾਬ ਦੀ ਗਰਦਨ ਸਿੱਧੀ ਰੱਖਣ ਲਈ ਜੋ ਵੀ ਮੁੱਲ ਉਤਾਰਨਾ ਪਿਆ ਉਹ ਉਤਾਰ ਦੇਵੇਗੀ ਪਰ ਪੰਜਾਬ ਦੀ ਗਰਦਨ ਹੇਠਾਂ ਨਹੀਂ ਹੋਣ ਦੇਵੇਗੀ। ਇਸੇ ਦੌਰਾਨ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਅਪਰੇਸ਼ਨ ਲੋਟਸ’ ਤਹਿਤ ਦਿੱਲੀ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਨੇ ਕਥਿਤ ‘ਆਪ’ ਦੇ 10 ਵਿਧਾਇਕਾਂ ਨਾਲ ਸੰਪਰਕ ਕਰਦਿਆਂ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਫ਼ਾਦਾਰ ਸਿਪਾਹੀਆਂ ਨੇ ਭਾਜਪਾ ਦੇ ਨਾਪਾਕ ਏਜੰਡੇ ਨੂੰ ਅਸਫ਼ਲ ਕਰ ਦਿੱਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਕੋਈ ਸਿਆਸੀ ਪਾਰਟੀ ਨਹੀਂ, ਸਗੋਂ ਇਕ ਪਰਿਵਾਰ ਹੈ, ਜਿਸ ਨੂੰ ਭਾਜਪਾ ਕਦੇ ਵੀ ਤੋੜ ਨਹੀਂ ਸਕਦੀ। ਉਨ੍ਹਾਂ ਭਰੋਸਾ ਜਤਾਇਆ ਕਿ 25 ਕਰੋੜ ਤਾਂ ਕਿ ਭਾਜਪਾ 50 ਕਰੋੜ ਰੁਪਏ ਦੀ ਪੇਸ਼ਕਸ਼ ਵੀ ਕਰੇ ਤਾਂ ਵੀ ‘ਆਪ’ ਦਾ ਕੋਈ ਆਗੂ ਦਲ ਨਹੀਂ ਬਦਲੇਗਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਭਾਜਪਾ ‘ਹੋਰਸ-ਟਰੇਡਿੰਗ’ ਦੀ ਰਾਜਨੀਤੀ ਕਰ ਕੇ ਦੇਸ਼ ਦੇ ਸੰਵਿਧਾਨ ਅਤੇ ਭੀਮ ਰਾਓ ਡਾ. ਅੰਬੇਡਕਰ ਦਾ ਅਪਮਾਨ ਕਰ ਰਹੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਤੋਂ ਭਾਜਪਾ ਤੇ ਕਾਂਗਰਸ ਬੇਚੈਨ ਹਨ ਅਤੇ ਉਨ੍ਹਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਰੋਕਣਾ ਚਾਹੁੰਦੀਆਂ ਹਨ।

Add a Comment

Your email address will not be published. Required fields are marked *